ਭਾਕਿਯੂ ਨੇ ਅੱਜ ਤੋਂ ਟੋਲ ਫ਼੍ਰੀ ਮੋਰਚੇ ਖ਼ਤਮ ਕਰਨ ਦਾ ਕੀਤਾ ਐਲਾਨ, ਬਠਿੰਡਾ ਦੀ ਦਾਣਾ ਮੰਡੀ ’ਚ ਕਿਸਾਨਾਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹਾਲੇ ਵੀ ਬਹੁਤ ਸਾਰੀਆਂ ਮੰਡੀਆਂ ’ਚ ਝੋਨੇ ਦੀ ਬੇਕਦਰੀ ਤੇ ਕਟੌਤੀਆਂ ਰਾਹੀਂ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ। ਸੂਬਾ ਆਗੂ ਟੀਮ ਵੱਲੋਂ ਬੀਤੀ ਰਾਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੀ ਦਾਣਾ ਮੰਡੀ ’ਚ ਲੰਗਰ ਛਕ ਰਹੇ ਸ਼ਾਂਤਮਈ ਧਰਨਾਕਾਰੀ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ।
Publish Date: Wed, 13 Nov 2024 09:02 AM (IST)
Updated Date: Wed, 13 Nov 2024 09:55 AM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਫ਼ੈਸਲਾ ਕੀਤਾ ਹੈ ਕਿ 13 ਨਵੰਬਰ ਸ਼ਾਮ ਤੋਂ ਟੋਲ ਫ਼ਰੀ ਮੋਰਚੇ ਖ਼ਤਮ ਕਰਕੇ 14 ਤੋਂ ਝੋਨੇ ਦੀ ਖ਼ਰੀਦ 'ਚ ਅੜਿੱਕਿਆਂ ਵਾਲੀਆਂ ਮੰਡੀਆਂ ’ਚ ਜ਼ੋਰਦਾਰ ਧਰਨੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਗਿੱਦੜਬਾਹਾ ਤੇ ਬਰਨਾਲਾ ਦੇ ਚੋਣ ਹਲਕਿਆਂ ਦੇ ਸ਼ਹਿਰਾਂ/ਪਿੰਡਾਂ ’ਚ ਵੋਟ ਪਾਰਟੀਆਂ ਵਿਰੁੱਧ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹਾਲੇ ਵੀ ਬਹੁਤ ਸਾਰੀਆਂ ਮੰਡੀਆਂ ’ਚ ਝੋਨੇ ਦੀ ਬੇਕਦਰੀ ਤੇ ਕਟੌਤੀਆਂ ਰਾਹੀਂ ਕਿਸਾਨਾਂ ਦੀ ਅੰਨ੍ਹੀ ਲੁੱਟ ਹੋ ਰਹੀ ਹੈ। ਸੂਬਾ ਆਗੂ ਟੀਮ ਵੱਲੋਂ ਬੀਤੀ ਰਾਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੀ ਦਾਣਾ ਮੰਡੀ ’ਚ ਲੰਗਰ ਛਕ ਰਹੇ ਸ਼ਾਂਤਮਈ ਧਰਨਾਕਾਰੀ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ। ਇਸ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਧਰਨੇ ਤੋਂ ਸੈਂਕੜੇ ਮੀਟਰ ਦੂਰ ਖੜ੍ਹੀਆਂ ਪੁਲਿਸ ਦੀਆਂ ਗੱਡੀਆਂ ਦੇ ਸ਼ੀਸ਼ੇ ਖ਼ੁਦ ਭੰਨ ਕੇ ਉਲਟਾ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਵਿਰੁੱਧ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਬਿਨਾਂ ਵਜ੍ਹਾ ਲਾਠੀਚਾਰਜ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।