ਪੰਜਾਬ 'ਚ ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ ! ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਲਈ ਸਿੱਖਿਆ ਮੰਤਰੀ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
Big Announcement : ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ
Publish Date: Sun, 07 Sep 2025 11:44 AM (IST)
Updated Date: Sun, 07 Sep 2025 12:16 PM (IST)
ਡਿਜੀਟਲ ਡੈਸਕ, ਜਲੰਧਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਅਕ ਅਦਾਰਿਆਂ ਸੰਬੰਧੀ ਜ਼ਰੂਰੀ ਜਾਣਕਾਰੀ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਆਪਣੇ ਐਕਸ ਹੈਂਡਲ 'ਤੇ ਉਨ੍ਹਾਂ ਲਿਖਿਆ ਹੈ- ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੀਆਂ ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਤੋਂ ਇਲਾਵਾ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ 'ਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸਐਮਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।