ਭਾਜਪਾ ਆਗੂ ਦੇ ਦਫ਼ਤਰ 'ਤੇ ਸਿਆਹੀ ਨਾਲ ਅਟੈਕ, ਹਥਿਆਰਬੰਦ ਹੋਣ ਦਾ ਸ਼ੱਕ

- ਨਕਾਬਪੋਸ਼ਾਂ ਨੇ ਦਿਨ-ਦਿਹਾੜੇ ਸੁੱਟੀ ਸਿਆਹੀ, ਸੀਸੀਟੀਵੀ ’ਚ ਕੈਦ ਹੋਈ ਘਟਨਾ
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਜ਼ੀਰਕਪੁਰ : ਚੰਡੀਗੜ੍ਹ-ਅੰਬਾਲਾ ਹਾਈਵੇ ’ਤੇ ਸਥਿਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ ’ਤੇ ਪੰਜ ਅਣਪਛਾਤੇ ਨੌਜਵਾਨਾਂ ਵੱਲੋਂ ਸਿਆਹੀ ਸੁੱਟਣ ਦੀ ਘਟਨਾ ਤੋਂ ਬਾਅਦ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਦੁਪਹਿਰ ਕਰੀਬ 3 ਵਜੇ ਵਾਪਰੀ ਇਸ ਘਟਨਾ ਦੌਰਾਨ ਪੰਜ ਨਕਾਬਪੋਸ਼ ਦਫ਼ਤਰ ਅੰਦਰ ਦਾਖ਼ਲ ਹੋਏ ਅਤੇ ਮਹਿਜ਼ ਕੁਝ ਸੈਕਿੰਡਾਂ ਵਿਚ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਦਫ਼ਤਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਅਨੁਸਾਰ ਪੰਜ ਨੌਜਵਾਨ ਅਚਾਨਕ ਦਫ਼ਤਰ ਦੇ ਬਾਹਰ ਪਹੁੰਚੇ। ਉਨ੍ਹਾਂ ਨੇ ਪਹਿਲਾਂ ਦਰਵਾਜ਼ਾ ਖੋਲ੍ਹ ਕੇ ਅੰਦਰ ਝਾਕਿਆ ਅਤੇ ਪਹਿਲੇ ਕੈਬਿਨ ਵਿਚ ਗਏ। ਜਦੋਂ ਉੱਥੇ ਕੋਈ ਨਹੀਂ ਮਿਲਿਆ, ਤਾਂ ਉਹ ਬਾਹਰ ਆਏ ਅਤੇ ਦਫ਼ਤਰ ਦੇ ਬਾਹਰੀ ਹਿੱਸੇ ’ਤੇ ਲੱਗੇ ਪਾਰਟੀ ਪੋਸਟਰਾਂ ’ਤੇ ਸਿਆਹੀ ਸੁੱਟ ਦਿੱਤੀ। ਜਿਸ ਸਮੇਂ ਇਹ ਘਟਨਾ ਵਾਪਰੀ, ਦਫ਼ਤਰ ਦੇ ਦੂਜੇ ਕੈਬਿਨ ਵਿਚ ਕੁੱਝ ਭਾਜਪਾ ਵਰਕਰ ਮੌਜੂਦ ਸਨ।
-----
ਹਮਲਾਵਰਾਂ ਕੋਲ ਹਥਿਆਰ ਹੋਣ ਦਾ ਸ਼ੱਕ : ਗੁਰਦਰਸ਼ਨ ਸੈਣੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਰਸ਼ਨ ਸਿੰਘ ਸੈਣੀ ਮੌਕੇ ’ਤੇ ਪਹੁੰਚੇ ਅਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਤੋਂ ਵਿਰੋਧੀ ਪਾਰਟੀਆਂ ਬੌਖਲਾ ਗਈਆਂ ਹਨ। ਸੈਣੀ ਨੇ ਇਕ ਗੰਭੀਰ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਸੀਸੀਟੀਵੀ ਫੁਟੇਜ ਵਿਚ ਹਮਲਾਵਰਾਂ ਦੇ ਹਾਵ-ਭਾਵ ਅਤੇ ਉਨ੍ਹਾਂ ਦੀਆਂ ਜੇਬਾਂ ਨੂੰ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਕੋਲ ਕੋਈ ਹਥਿਆਰ ਵੀ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਮਕਸਦ ਸਿਰਫ਼ ਸਿਆਹੀ ਸੁੱਟਣਾ ਨਹੀਂ, ਸਗੋਂ ਡਰ ਦਾ ਮਾਹੌਲ ਪੈਦਾ ਕਰਨਾ ਸੀ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਕਾਇਰਾਨਾ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਨ।
ਘਟਨਾ ਤੋਂ ਬਾਅਦ ਵੱਡੀ ਗਿਣਤੀ ’ਚ ਭਾਜਪਾ ਆਗੂ ਅਤੇ ਵਰਕਰ ਦਫ਼ਤਰ ਵਿਚ ਇਕੱਠੇ ਹੋਏ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ੀਰਕਪੁਰ ਪੁਲਿਸ ਸਟੇਸ਼ਨ ਦੇ ਐੱਸਐੱਚਓ ਸਤਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਅਹਿਮ ਸਬੂਤ ਜੁਟਾਏ ਹਨ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਭਾਜਪਾ ਆਗੂਆਂ ਨੇ ਪ੍ਰਸ਼ਾਸਨ ਤੋਂ ਜਲਦੀ ਕਾਰਵਾਈ ਦੀ ਮੰਗ ਕੀਤੀ ਹੈ।
-----
ਸ਼ਿਕਾਇਤ ਦੇ ਆਧਾਰ ’ਤੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨਾਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ। ਹਾਲਾਂਕਿ ਹਾਲੇ ਤੱਕ ਕਿਸੇ ਵਿਅਕਤੀ ਜਾਂ ਸੰਗਠਨ ਦੀ ਭੂਮਿਕਾ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਗਜ਼ਲਪ੍ਰੀਤ ਕੌਰ ਏਐੱਸਪੀ, ਜ਼ੀਰਕਪੁਰ।