ਸਿਹਤ ਵਿਗੜਨ 'ਤੇ ਸੁਨੀਲ ਜਾਖੜ ਨੂੰ ਹਸਪਤਾਲ 'ਚ ਕਰਵਾਇਆ ਦਾਖਲ, ਰਿਪੋਰਟ ਨਾਰਮਲ ਆਉਣ ਤੋਂ ਬਾਅਦ ਮਿਲੀ ਛੁੱਟੀ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ ਕਿ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਛਾਤੀ 'ਚ ਦਰਦ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਡਾਕਟਰ ਲਗਾਤਾਰ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ।
Publish Date: Sun, 18 Jan 2026 01:45 PM (IST)
Updated Date: Sun, 18 Jan 2026 01:49 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅੱਜ ਐਤਵਾਰ ਸਵੇਰੇ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਵੇਰੇ ਉਨ੍ਹਾਂ ਦੀ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਸ਼ੁਰੂ ਕੀਤੀ ਅਤੇ ਐਂਜੀਓਗ੍ਰਾਫੀ (Angiography) ਕੀਤੀ ਗਈ। ਹਾਲਾਂਕਿ ਸਾਰੀ ਰਿਪੋਰਟ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਇੱਕ ਵਫ਼ਦ ਨੇ ਅੱਜ ਸਵੇਰੇ 10 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨੀ ਸੀ। ਪਰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਇਹ ਪ੍ਰੋਗਰਾਮ ਰੱਦ ਕਰਨਾ ਪਿਆ। ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਭਾਜਪਾ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਵਫ਼ਦ ਨੇ ਸਵੇਰੇ 10:30 ਵਜੇ ਰਾਜਪਾਲ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਇੱਕ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਵੀ ਲਿਆ ਸੀ।