ਖੇਤਾਂ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼
ਖੇਤਾਂ ਵਿਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਪੁਲਿਸ ਨੇ ਜਾਂਚ ਕੀਤੀ ਸ਼ੁਰੂ
Publish Date: Mon, 18 May 2026 07:52 PM (IST)
Updated Date: Mon, 18 May 2026 07:54 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹੈਬਤਪੁਰ ਰੋਡ ’ਤੇ ਇਕ ਪਿੰਡ ਦੇ ਨੇੜੇ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਲਖਨ ਸਿੰਘ (29) ਪੁੱਤਰ ਰਾਮ ਕ੍ਰਿਪਾਲ ਸਿੰਘ ਵਾਸੀ ਕਾਨਪੁਰ ਵਜੋਂ ਹੋਈ ਹੈ। ਉਹ ਕੁਝ ਸਮੇਂ ਤੋਂ ਹੈਬਤਪੁਰ ਰੋਡ ’ਤੇ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ 7:00 ਵਜੇ ਦੇ ਕਰੀਬ ਸਥਾਨਕ ਲੋਕਾਂ ਨੇ ਖੇਤਾਂ ਵਿਚ ਇਕ ਨੌਜਵਾਨ ਨੂੰ ਦਰੱਖ਼ਤ ਨਾਲ ਲਟਕਦਾ ਦੇਖਿਆ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਖ਼ਬਰ ਫੈਲਦੇ ਹੀ ਲੋਕਾਂ ਦੀ ਭੀੜ ਮੌਕੇ ’ਤੇ ਇਕੱਠੀ ਹੋ ਗਈ। ਜਾਂਚ ਅਧਿਕਾਰੀ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲਣ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ। ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਅਨੁਸਾਰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਪੁਲਿਸ ਨੇ ਬੀਐੱਨਐੱਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਨਾਲ ਸਬੰਧਤ ਸਾਰੇ ਤੱਥਾਂ ਦੀ ਜਾਂਚ ਕਰ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।