ਮੁਬਾਰਕਪੁਰ ਵਿਖੇ ਘੱਗਰ ਦਰਿਆ 'ਤੇ ਬਣਿਆ ਕਾਜ਼ਵੇਅ ਪਾਣੀ 'ਚ ਰੁੜ੍ਹਿਆ, ਆਵਾਜਾਈ ਠੱਪ
ਕਾਜ਼ਵੇਅ ਦੇ ਇਕ ਵੱਡੇ ਹਿੱਸੇ ਨੂੰ ਆਪਣੇ ਨਾਲ ਵਹਾ ਲਿਆ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
Publish Date: Thu, 04 Sep 2025 08:31 PM (IST)
Updated Date: Fri, 05 Sep 2025 04:11 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਮੁਬਾਰਕਪੁਰ ਨੇੜੇ ਘੱਗਰ ਦਰਿਆ 'ਤੇ ਬਣੇ ਕਾਜ਼ਵੇਅ ਦਾ ਇਕ ਹਿੱਸਾ ਤੇਜ਼ ਪਾਣੀ ਦੇ ਵਹਾਅ ਕਾਰਨ ਰੁੜ੍ਹ ਗਿਆ ਹੈ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ। ਇਸ ਘਟਨਾ ਕਾਰਨ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਸੀ। ਬੀਤੇ ਕੱਲ੍ਹ ਸਵੇਰੇ ਪਾਣੀ ਦਾ ਵਹਾਅ ਇੰਨਾ ਤੇਜ਼ ਹੋ ਗਿਆ ਕਿ ਇਸ ਨੇ ਕਾਜ਼ਵੇਅ ਦੇ ਇਕ ਵੱਡੇ ਹਿੱਸੇ ਨੂੰ ਆਪਣੇ ਨਾਲ ਵਹਾ ਲਿਆ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਇਹ ਕਾਜ਼ਵੇਅ ਮੁਬਾਰਕਪੁਰ, ਡੇਰਾਬੱਸੀ ਅਤੇ ਆਸ-ਪਾਸ ਦੇ ਪਿੰਡਾਂ ਨੂੰ ਜ਼ੀਰਕਪੁਰ, ਚੰਡੀਗੜ੍ਹ ਅਤੇ ਪੰਚਕੂਲਾ ਨਾਲ ਜੋੜਨ ਵਾਲਾ ਇਕ ਮਹੱਤਵਪੂਰਨ ਲਾਂਘਾ ਹੈ। ਇਸ ਦੇ ਬੰਦ ਹੋਣ ਨਾਲ ਹਜ਼ਾਰਾਂ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਬਦਲਵੇਂ ਰਸਤੇ ਅਪਣਾਉਣੇ ਪੈ ਰਹੇ ਹਨ, ਜਿਸ ਨਾਲ ਸਮੇਂ ਤੇ ਪੈਟਰੋਲ ਦੋਵਾਂ ਦਾ ਨੁਕਸਾਨ ਹੋ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਇਸ ਸਥਿਤੀ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਗਈ ਸੀ, ਪਰ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2023 ’ਚ ਡੇਰਾਬੱਸੀ ਇਲਾਕੇ ਵਿਚ ਆਏ ਹੜ੍ਹ ਕਾਰਨ ਵੀ ਇਹ ਕਾਜ਼ਵੇਅ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਜਿਸ ਨੂੰ ਬਹੁਤ ਦੇਰ ਬਾਅਦ ਠੀਕ ਕਰ ਕੇ ਆਵਾਜਾਈ ਲਈ ਬਹਾਲ ਕੀਤਾ ਗਿਆ ਸੀ।
ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਲੋਕਾਂ ਨੂੰ ਬਦਲਵੇਂ ਰਸਤੇ ਵਰਤਣ ਦੀ ਸਲਾਹ ਦੇ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਕਾਜ਼ਵੇਅ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਪਰ ਜਦੋਂ ਤਕ ਪਾਣੀ ਦਾ ਪੱਧਰ ਘੱਟ ਨਹੀਂ ਹੁੰਦਾ, ਉਦੋਂ ਤਕ ਕੋਈ ਕੰਮ ਸ਼ੁਰੂ ਨਹੀਂ ਹੋ ਸਕਦਾ। ਫਿਲਹਾਲ, ਲੋਕਾਂ ਨੂੰ ਕੁਝ ਦਿਨਾਂ ਲਈ ਇਸ ਰਸਤੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।