ਕੇਂਦਰ ਸਰਕਾਰ ਪ੍ਰਮਾਣੂ ਪਾਵਰ ਪਲਾਂਟ ਲਾਉਣ ’ਤੇ ਮੁੜ ਤੋਂ ਕਰੇਗੀ ਵਿਚਾਰ : ਕੇਂਦਰੀ ਮੰਤਰੀ
ਕੇਂਦਰ ਸਰਕਾਰ ਪ੍ਰਮਾਣੂ ਪਾਵਰ ਪਲਾਂਟ ਲਾਉਣ 'ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ
Publish Date: Mon, 02 Mar 2026 09:14 PM (IST)
Updated Date: Mon, 02 Mar 2026 09:16 PM (IST)

- ਐੱਮਪੀ ਸੰਧੂ ਨੇ ਪ੍ਰਮਾਣੂ ਪਾਵਰ ਪਲਾਂਟ ਸ਼ੁਰੂ ਕਰਨ ਦੀ ਕੀਤੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਤਕਨਾਲੋਜੀ, ਪ੍ਰਿਥਵੀ ਵਿਗਿਆਨ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ), ਕਰਮਚਾਰੀ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਮਾਮਲਿਆਂ ਦੇ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਪ੍ਰਮਾਣੂ ਊਰਜਾ ਪਲਾਂਟ ਸਥਾਪਤ ਕਰਨ ਲਈ ਸ਼ੁਰੂ ਕੀਤੀ ਗਈ ਪ੍ਰਕਿਰਿਆ ਦੇ ਹਿੱਸੇ ਵਜੋਂ ਪਟਿਆਲਾ ਵਿਚ ਪ੍ਰਮਾਣੂ ਬਿਜਲੀ ਪਲਾਂਟ ਲਗਾਉਣ ਦੀ ਸੰਭਾਵਨਾ ਦੀ ਜਾਂਚ ਕਰਵਾਈ ਜਾਵੇਗੀ। ਡਾ. ਜਤਿੰਦਰ ਸਿੰਘ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਪੰਜਾਬ ਲਈ ਚੁਣੌਤੀਆਂ, ਮੌਕੇ ਅਤੇ ਅਗਾਂਹਵਧੂ ਰਾਹ’ ਥੀਮ ’ਤੇ ਕਰਵਾਏ ਗਏ ਵਿਚਾਰ-ਚਰਚਾ ਸੈਸ਼ਨ ਦੌਰਾਨ ਕੀਤਾ। ਇਸ ਮਹੱਤਵਪੂਰਨ ਵਿਚਾਰ-ਚਰਚਾ ਵਿਚ ਬੁੱਧੀਜੀਵੀਆਂ, ਅਕਾਦਮਿਕ ਮਾਹਰਾਂ, ਸਾਬਕਾ ਪ੍ਰਸ਼ਾਸਨਿਕ ਅਧਿਕਾਰੀਆਂ, ਨਾਮਵਰ ਨੀਤੀ ਮਾਹਰਾਂ, ਉਦਯੋਗਿਕ ਪ੍ਰਤੀਨਿਧਾਂ, ਸਟਾਰਟਅੱਪ ਸੰਸਥਾਪਕ, ਆਰਟ ਐਂਡ ਕਲਚਰ, ਵਾਤਾਵਰਨ ਮਾਹਰ, ਸੇਵਾਮੁਕਤ ਜੱਜ, ਬਾਰ ਕੌਂਸਲ ਦੇ ਮੈਂਬਰ ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਹਿੱਸਾ ਲਿਆ, ਜੋ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਡੂੰਘੀ ਜਾਣਕਾਰੀ ਰੱਖਦੇ ਹਨ। ਇਸ ਸੈਸ਼ਨ ਦਾ ਮੁੱਖ ਉਦੇਸ਼ ਪੰਜਾਬ ਦੀਆਂ ਪ੍ਰਮੁੱਖ ਚੁਣੌਤੀਆਂ ਜਿਵੇਂ ਕਿ ਖੇਤੀਬਾੜੀ ਅਤੇ ਫ਼ਸਲੀ ਵਿਭਿੰਨਤਾ, ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਉਦਯੋਗ, ਜਲ ਸੁਰੱਖਿਆ ਤੇ ਪ੍ਰਸ਼ਾਸਨ, ਉਦਯੋਗਿਕ ਪੁਨਰ-ਸੁਰਜੀਤੀ ਅਤੇ ‘ਈਜ਼ ਆਫ਼ ਡੂਇੰਗ ਬਿਜ਼ਨੈੱਸ’ ਵਰਗੇ ਮੁੱਦਿਆਂ ’ਤੇ ਰਣਨੀਤਿਕ ਸੁਝਾਅ ਪੇਸ਼ ਕੀਤੇ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣ ਲਈ ਹੁਨਰ ਸਿਖਲਾਈ, ਖੇਡਾਂ ਤੇ ਯੂਥ ਵਿਕਾਸ, ਸਟਾਰਟਅੱਪਸ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਰੋਬੋਟਿਕਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਪਰਵਾਸ ਅਤੇ ਨਸ਼ਾ-ਮੁਕਤੀ ਵਰਗੇ ਸੰਵੇਦਨਸ਼ੀਲ ਵਿਸ਼ਿਆਂ ’ਤੇ ਵੀ ਡੂੰਘਾਈ ਨਾਲ ਮੰਥਨ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਦੀ ਇਸ ਸੈਸ਼ਨ ਵਿਚ ਸ਼ਮੂਲੀਅਤ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੀ ਗੰਭੀਰਤਾ ਅਤੇ ਡੂੰਘੀ ਚਿੰਤਾ ਨੂੰ ਸਪੱਸ਼ਟ ਰੂਪ ਨਾਲ ਦਰਸਾਉਂਦੀ ਹੈ। ਉਨ੍ਹਾਂ ਤੋਂ ਇਲਾਵਾ ਪੰਜਾਬ ਦੀਆਂ ਜਿਹੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਵਿਚਾਰ ਚਰਚਾ ਸੈਸ਼ਨ ਵਿਚ ਸ਼ਿਰਕਤ ਕੀਤੀ, ਉਨ੍ਹਾਂ ਵਿਚ ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐੱਸ ਸਿੱਧੂ ਸਮੇਤ ਕਈ ਸਾਬਕਾ ਆਈਏਐੱਸ ਤੇ ਪੀਸੀਐੱਸ ਅਧਿਕਾਰੀ ਅਤੇ ਖੇਤੀਬਾੜੀ, ਆਰਥਿਕਤਾ ਤੇ ਉਦਯੋਗ ਜਗਤ ਵਰਗੇ ਵੱਖ-ਵੱਖ ਖੇਤਰਾਂ ਦੇ ਨੀਤੀ ਘਾੜਿਆਂ ਦੇ ਨਾਮ ਸ਼ਾਮਲ ਸਨ। ਇਸ ਦਰਮਿਆਨ ਜਦੋਂ ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਾਲ 2000 ਵਿਚ ਪਟਿਆਲਾ ਦੇ ਡਰੌਲੀ ਵਿਖੇ ਪ੍ਰਮਾਣੂ ਬਿਜਲੀ ਪਲਾਂਟ ਸਥਾਪਤ ਕਰਨ ਦਾ ਮੁੱਦਾ ਉਠਾਇਆ, ਤਾਂ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਇਸ ਦੇ ਜਵਾਬ ਵਿਚ ਕਿਹਾ ਕਿ ਉਹ ਪਟਿਆਲਾ ਵਿਚ ਪ੍ਰਮਾਣੂ ਬਿਜਲੀ ਪਲਾਂਟ ਲਗਾਉਣ ਦੀਆਂ ਸਾਰੀਆਂ ਸ਼ਰਤਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਇਹ ਵਿਹਾਰਕ ਤੌਰ ’ਤੇ ਸੰਭਵ ਹੋਇਆ ਤਾਂ ਕੇਂਦਰ ਸਰਕਾਰ ਪਟਿਆਲਾ ਵਿਚ ਪ੍ਰਮਾਣੂ ਬਿਜਲੀ ਪਲਾਂਟ ਦੀ ਸਥਾਪਨਾ ਨੂੰ ਯਕੀਨੀ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਦੇਵੇਗੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਕਾਫੀ ਸਮਰੱਥਾ ਹੈ, ਪਰ ਸੂਬੇ ਨੂੰ ਅੱਜ ਇਕ ਨਿਰਣਾਇਕ ਅਤੇ ਤਜ਼ਰਬੇਕਾਰ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਜਾਂ ਕਮੇਟੀਆਂ ਹੱਲ ਨਹੀਂ ਹਨ, ਸਗੋਂ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਨੂੰ ਗੈਂਗਸਟਰ-ਅੱਤਵਾਦੀ-ਨਸ਼ਾ ਗਠਜੋੜ ਵਿਚ ਫਸਣ ਤੋਂ ਬਚਾਉਣਾ ਹੋਵੇਗਾ ਅਤੇ ਇਸ ਲਈ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਉਣੀ ਪਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਸਿਰਫ਼ ਡਿਗਰੀਆਂ ਵੰਡਣ ਦੀ ਬਜਾਏ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਰੁਜ਼ਗਾਰ ਦੇ ਯੋਗ ਬਣ ਸਕਣ।