ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਵਧਿਆ ਤਣਾਅ: ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰੋਕਣ ਲਈ ਕੀਤਾ ਵਾਟਰ ਕੈਨਨ ਦਾ ਇਸਤੇਮਾਲ, ਸਿੱਖਿਆ ਮੰਤਰੀ ਨੇ ਦਿੱਤਾ ਬਿਆਨ
ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਭਾਰੀ ਮਾਤਰਾ ਵਿੱਚ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦੀ ਵਰਤੋਂ ਕੀਤੀ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਲਾਰੇ ਲਗਾਏ ਜਾ ਰਹੇ ਹਨ।
Publish Date: Mon, 02 Mar 2026 02:42 PM (IST)
Updated Date: Mon, 02 Mar 2026 03:00 PM (IST)
ਆਨਲਾਈਨ ਡੈਸਕ, ਚੰਡੀਗੜ੍ਹ/ਮੁਹਾਲੀ: ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਉਸ ਸਮੇਂ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੰਜਾਬ ਭਰ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ, ਪਰ ਜਦੋਂ ਅਧਿਆਪਕਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਤਿੱਖੀ ਝੜਪ ਹੋ ਗਈ।
ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਭਾਰੀ ਮਾਤਰਾ ਵਿੱਚ ਵਾਟਰ ਕੈਨਨ ਦੀ ਵਰਤੋਂ ਕੀਤੀ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਲਾਰੇ ਲਗਾਏ ਜਾ ਰਹੇ ਹਨ। ਅਧਿਆਪਕ ਯੂਨੀਅਨਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ, ਜਿਵੇਂ ਕਿ ਪੱਕੀ ਭਰਤੀ ਦੇ ਲਾਭ, ਪੇ-ਸਕੇਲ ਲਾਗੂ ਕਰਨਾ ਅਤੇ ਤਰੱਕੀਆਂ ਵਿੱਚ TET ਦੀ ਸ਼ਰਤ ਨੂੰ ਹਟਾਉਣ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਿਵੇਂ ਹੀ ਪ੍ਰਦਰਸ਼ਨਕਾਰੀ ਅਧਿਆਪਕ ਚੰਡੀਗੜ੍ਹ ਦੀ ਹੱਦ 'ਤੇ ਪਹੁੰਚੇ, ਉੱਥੇ ਪਹਿਲਾਂ ਤੋਂ ਹੀ ਤਾਇਨਾਤ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ।
ਸਿੱਖਿਆ ਮੰਤਰੀ ਦਾ ਭਰੋਸਾ
ਦੂਜੇ ਪਾਸੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਰਕਾਰ ਅਧਿਆਪਕਾਂ ਦੇ ਨਾਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਦੀ ਨੌਕਰੀ ਖ਼ਤਰੇ ਵਿੱਚ ਨਹੀਂ ਹੈ।