ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਣਾਏ ਗਏ ਕਾਨੂੰਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਲਈ ਪੂਰੇ ਦੇਸ਼ ਨੂੰ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ’ਚ ਸ਼ੁਕਰਾਨਾ ਯਾਤਰਾ ਵੀ ਕੱਢੀ ਸੀ।
ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੇ ਸੂਬਿਆਂ ਦੀਆਂ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ’ਚ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜੁਰਅੱਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਆਪਣੀ ਸਾਰੀ ਉਮਰ ਜੇਲ੍ਹ ’ਚ ਬਿਤਾਉਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖ ਹੀ ਨਹੀਂ, ਸਗੋਂ ਹਰ ਮਨੁੱਖ ਨੂੰ ਸਾਡੇ ਮਹਾਨ ਗੁਰੂਆਂ ਦੇ ਆਸ਼ੀਰਵਾਦ ਵਾਲੀ ਪਵਿੱਤਰ ਧਰਤੀ ਤੋਂ ਸ਼ਕਤੀ ਅਤੇ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਦਇਆ-ਭਾਵਨਾ ਤੇ ਵਿਸ਼ਵਵਿਆਪੀ ਭਾਈਚਾਰੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।
ਮਾਨ ਨੇ ਕਿਹਾ ਕਿ ਸੂਬੇ ’ਚ ਆਪਸੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ’ਚ ਦੇਸ਼ ਦੀ ਅਗਵਾਈ ਕਰਨ ਦੀ ਅਰਦਾਸ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ, ‘ਗੁਰੂ ਸਾਹਿਬ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਬਖਸ਼ੀ ਹੈ। ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਾਣ ਨੂੰ ਕਾਇਮ ਰੱਖਣਾ ਸਾਡਾ ਸਭ ਦਾ ਇਖਲਾਕੀ ਫ਼ਰਜ਼ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਸਭਨਾਂ ’ਤੇ ਆਪਣੀ ਅਪਾਰ-ਕਿਰਪਾ ਤੇ ਆਸ਼ੀਰਵਾਦ ਬਣਾ ਕੇ ਰੱਖਣਗੇ ਅਤੇ ਪੰਜਾਬ ਨੂੰ ਵਧੇਰੇ ਖੁਸ਼ਹਾਲੀ, ਸ਼ਾਂਤੀ ਅਤੇ ਰੰਗਲੇ ਪੰਜਾਬ ਦੇ ਮਾਰਗ ਵੱਲ ਲੈ ਜਾਣਗੇ। ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਹਾਜ਼ਰ ਸਨ।