ਕਲੱਬ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ, ਵੰਡੇ ਗਰਮ ਕੱਪੜੇ
ਕਲੱਬ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ, ਵੰਡੇ ਗਰਮ ਕੱਪੜੇ
Publish Date: Sun, 18 Jan 2026 08:04 PM (IST)
Updated Date: Sun, 18 Jan 2026 08:07 PM (IST)

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਕੜਾਕੇ ਦੀ ਠੰਢ ਨੂੰ ਮੁੱਖ ਰੱਖਦਿਆਂ ਬਾਲ ਸਿੱਖਿਆ ਫੁਲਵਾੜੀ ਸਪੋਰਟ ਕਲੱਬ ਜ਼ੀਰਕਪੁਰ ਵੱਲੋਂ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਕਲੱਬ ਵੱਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਬਲਟਾਣਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਲਈ ਸਹਾਇਤਾ ਸਮੱਗਰੀ ਵੰਡੀ ਗਈ। ਇਸ ਦੌਰਾਨ ਬੱਚਿਆਂ ਦੇ ਚਿਹਰਿਆਂ ਤੇ ਖੁਸ਼ੀ ਦੇਖਣ ਨੂੰ ਮਿਲੀ। ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾ ਤੋਂ ਤਾਪਮਾਨ ’ਚ ਆਈ ਭਾਰੀ ਗਿਰਾਵਟ ਕਾਰਨ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਦੇਖਦੇ ਹੋਏ ਸਕੂਲ ਵਿਚ ਪੜ੍ਹਦੇ ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੱਪੜੇ, ਕੋਟੀਆਂ ਅਤੇ ਜੁਰਾਬਾਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਬੱਚਿਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਕਾਪੀਆਂ-ਪੈੱਨ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ। ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ : ਗੁਰਬਿੰਦਰ ਸੰਧੂ : ਇਸ ਮੌਕੇ ਕਲੱਬ ਦੇ ਬੁਲਾਰੇ ਗੁਰਬਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਮਦਦ ਕਰਨਾ ਹੀ ਉਨ੍ਹਾਂ ਦੀ ਸੰਸਥਾ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਹੈ ਕਿ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਕਿਸੇ ਵੀ ਬੱਚੇ ਦੀ ਪੜ੍ਹਾਈ ਵਿਚਾਲੇ ਨਾ ਛੂੱਟੇ। ਉਨ੍ਹਾਂ ਸਮਾਜ ਦੇ ਹੋਰਨਾਂ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਨੇਕ ਕੰਮਾਂ ਲਈ ਅੱਗੇ ਆਉਣ। ਸਮਾਗਮ ਦੌਰਾਨ ਸਮਾਜ ਸੇਵੀ ਜਸਵੰਤ ਸਿੰਘ ਨੰਬਰਦਾਰ, ਕਰਨਲ ਸਿੰਘ ਅਤੇ ਉਦੈ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਲੱਬ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬਿੱਟੂ ਗੋਇਲ ਅਤੇ ਸੰਧੂ ਟੀਮ ਦੇ ਹੋਰਨਾਂ ਮੈਂਬਰਾਂ ਨੇ ਵੀ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਨ ਅਤੇ ਦੇਸ਼ ਦਾ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਸਟਾਫ਼ ਵੱਲੋਂ ਕਲੱਬ ਦੇ ਇਸ ਸਹਿਯੋਗ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।