ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਦੋਸ਼ ਲਗਾਉਣ ਦੀ ਸਿਆਸਤ ਕਰਦੀ ਹੈ, ਜਦਕਿ ਸੂਬਾ ਸਰਕਾਰ ਵਿਕਾਸ ਨੂੰ ਪਹਿਲ ਦੇ ਰਹੀ ਹੈ। ਪੰਜਾਬ ਦੀਆਂ ਖੇਡ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਹਾਕੀ ਟੀਮ ’ਚ 11 ’ਚੋਂ 9 ਖਿਡਾਰੀ ਪੰਜਾਬ ਤੋਂ ਹਨ, ਜੋ ਸੂਬੇ ਦੀ ਪ੍ਰਤਿਭਾ ਦਾ ਸਬੂਤ ਹੈ। ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੁਰਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਖਰੜ-ਰੋਪੜ ਹਾਈਵੇ ’ਤੇ ਸਥਿਤ ਪਿੰਡ ਕਲੇਵਾਲ (ਕੁਰਾਲੀ) ਤੋਂ ਸੂਬੇ ’ਚ ਖੇਡ ਸਭਿਆਚਾਰ ਨੂੰ ਬੜ੍ਹਾਵਾ ਦੇਣ ਲਈ 250 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦਾ ਨਿਰਮਾਣ ਸਿਰਫ਼ ਇਕ ਪ੍ਰੋਜੈਕਟ ਨਹੀਂ ਹੈ, ਬਲਕਿ ਇਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਤ ਕਰ ਕੇ ਉਨ੍ਹਾਂ ਨੂੰ ਰਾਸ਼ਟਰੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਬਣਾਉਣ ਦੀ ਇਕ ਵੱਡੀ ਮੁਹਿੰਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਭਰ ’ਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ 1,790 ਕਰੋੜ ਕਰ ਦਿੱਤਾ ਹੈ। ਇਸਦੇ ਨਾਲ ਹੀ ਕਿਲਾ ਰਾਏਪੁਰ 'ਪੇਂਡੂ ਓਲੰਪਿਕ' ਦੀ ਸ਼ੁਰੂਆਤ ਰਾਹੀਂ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੀਐੱਮ ਮਾਨ ਨੇ ਕਿਹਾ ਕਿ ਆਪ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵੱਡੇ ਪੱਧਰ ’ਤੇ ਯਤਨ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨਾ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਵਿਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੇ ਸਿਹਤਮੰਦ ਸਰੀਰ ਅਤੇ ਤੰਦਰੁਸਤ ਮਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਪਹਿਲੇ ਪੜਾਅ ਤਹਿਤ 1,250 ਕਰੋੜ ਦੀ ਲਾਗਤ ਨਾਲ ਰਾਜ ਭਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ। ਇਨ੍ਹਾਂ ਵਿਚੋਂ 250 ਮੈਦਾਨ ਅੱਜ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਬਾਰੀ ਰਹਿੰਦੇ ਸਾਰੇ ਮੈਦਾਨ ਪੜਾਅਵਾਰ ਢੰਗ ਨਾਲ 15 ਜੁਲਾਈ ਤੱਕ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਦਾਨਾਂ ’ਚ ਆਉਣ ਵਾਲੇ ਸਮੇਂ ’ਚ ਨਵੇਂ ਮਿਲਖਾ ਸਿੰਘ ਤੇ ਕੌਮਾਂਤਰੀ ਖਿਡਾਰੀ ਨਿਕਲ ਕੇ ਦੇਸ਼ ਦੇ ਸੂਬੇ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜੇ ਖਿਡਾਰੀ ਬਿਹਤਰ ਪ੍ਰਦਰਸ਼ਣ ਕਰ ਕੇ ਸੂਬੇ ਤੇ ਦੇਸ਼ ਲਈ ਜਿੱਤ ਹਾਸਲ ਕਰਨਗੇ, ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ ਇਨਾਮ ਦੀ ਰਕਮ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਦੋਸ਼ ਲਗਾਉਣ ਦੀ ਸਿਆਸਤ ਕਰਦੀ ਹੈ, ਜਦਕਿ ਸੂਬਾ ਸਰਕਾਰ ਵਿਕਾਸ ਨੂੰ ਪਹਿਲ ਦੇ ਰਹੀ ਹੈ। ਪੰਜਾਬ ਦੀਆਂ ਖੇਡ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਹਾਕੀ ਟੀਮ ’ਚ 11 ’ਚੋਂ 9 ਖਿਡਾਰੀ ਪੰਜਾਬ ਤੋਂ ਹਨ, ਜੋ ਸੂਬੇ ਦੀ ਪ੍ਰਤਿਭਾ ਦਾ ਸਬੂਤ ਹੈ। ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਨਾਲ ਹੀ ਸਰਕਾਰ ਨੈੱਟਬਾਲ, ਵਾਲੀਬਾਲ ਸਮੇਤ ਹੋਰ ਰਵਾਇਤੀ ਖੇਡਾਂ ਨੂੰ ਵੀ ਸੁਰਜੀਤ ਕਰਨ ’ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਮਦਦ ਤੇ ਦਲਿਤ ਔਰਤਾਂ ਨੂੰ 1500 ਰੁਪਏ ਪੈਨਸ਼ਨ ਦੇਣ ਦੀ ਯੋਜਨਾ ’ਤੇ ਸਰਕਾਰ ਕੰਮ ਕਰ ਰਹੀ ਹੈ।