CM ਮਾਨ ਸਰਕਾਰ ਦਾ ਖੇਡ ਧਮਾਕਾ: ਪੰਜਾਬ ਨੂੰ ਮਿਲੀ ਪਹਿਲੀ ਵਾਰ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ
ਪੰਜਾਬ ਨੂੰ ਪਹਿਲੀ ਵਾਰ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਏਸ਼ੀਅਨ ਚੈਂਪੀਅਨ ਟਰਾਫੀ ਅਕਤੂਬਰ ਦੇ ਆਖਰੀ ਹਫ਼ਤੇ ਤੋਂ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਕਰਵਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਜਾਣਕਾਰੀ ਸਾਂਝੀ ਕੀਤੀ। ਮਾਨ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿੱਚ ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਜਾਪਾਨ ਅਤੇ ਚੀਨ ਵਰਗੀਆਂ ਮਜ਼ਬੂਤ ਟੀਮਾਂ ਦਾ ਸ਼ਾਮਲ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਬਾਕੀ ਟੀਮਾਂ ਦਾ ਫੈਸਲਾ ਏਸ਼ੀਅਨ ਖੇਡਾਂ ਤੋਂ ਬਾਅਦ ਹੋਵੇਗ
Publish Date: Tue, 24 Mar 2026 12:58 PM (IST)
Updated Date: Tue, 24 Mar 2026 12:59 PM (IST)

ਰਾਜ ਬਿਊਰੋ, ਚੰਡੀਗੜ੍ਹ: ਪੰਜਾਬ ਨੂੰ ਪਹਿਲੀ ਵਾਰ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਏਸ਼ੀਅਨ ਚੈਂਪੀਅਨ ਟਰਾਫੀ ਅਕਤੂਬਰ ਦੇ ਆਖਰੀ ਹਫ਼ਤੇ ਤੋਂ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਕਰਵਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਜਾਣਕਾਰੀ ਸਾਂਝੀ ਕੀਤੀ। ਮਾਨ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿੱਚ ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਜਾਪਾਨ ਅਤੇ ਚੀਨ ਵਰਗੀਆਂ ਮਜ਼ਬੂਤ ਟੀਮਾਂ ਦਾ ਸ਼ਾਮਲ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਬਾਕੀ ਟੀਮਾਂ ਦਾ ਫੈਸਲਾ ਏਸ਼ੀਅਨ ਖੇਡਾਂ ਤੋਂ ਬਾਅਦ ਹੋਵੇਗਾ, ਜਿੱਥੋਂ ਚੋਟੀ ਦੀਆਂ ਛੇ ਟੀਮਾਂ ਕੁਆਲੀਫਾਈ ਕਰਨਗੀਆਂ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੁਕਾਬਲੇ ਮੋਹਾਲੀ ਅਤੇ ਜਲੰਧਰ ਦੇ ਮੈਦਾਨਾਂ ਵਿੱਚ ਖੇਡੇ ਜਾਣਗੇ। ਪੰਜਾਬ ਨੂੰ ਪਹਿਲੀ ਵਾਰ ਇਸ ਪੱਧਰ ਦਾ ਵੱਡਾ ਅੰਤਰਰਾਸ਼ਟਰੀ ਟੂਰਨਾਮੈਂਟ ਮਿਲਣ ਕਾਰਨ ਸੂਬੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਮੇਰੇ ਕੋਲ ਹੈ ਅਤੇ ਸਾਡੀ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਖੇਡਾਂ ਨਾਲ ਜੁੜਿਆ ਪੰਜਾਬ ਦਾ ਅਮੀਰ ਇਤਿਹਾਸ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਖੇਡ ਇਤਿਹਾਸ ਬਹੁਤ ਮਾਣਮੱਤਾ ਰਿਹਾ ਹੈ। ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਸਰੀਰਕ ਤੰਦਰੁਸਤੀ ਅਤੇ ਖੇਡਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਰਹੀ ਹੈ। ਗੁਰੂ ਅੰਗਦ ਦੇਵ ਜੀ ਨੇ ਕੁਸ਼ਤੀ ਦੇ ਅਖਾੜਿਆਂ ਨੂੰ ਉਤਸ਼ਾਹਿਤ ਕੀਤਾ, ਜਦਕਿ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜ ਸਵਾਰੀ ਅਤੇ ਤੀਰਅੰਦਾਜ਼ੀ ਵਿੱਚ ਨਿਪੁੰਨ ਬਣਾਉਣ 'ਤੇ ਜ਼ੋਰ ਦਿੱਤਾ। ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਗਤਕਾ ਅਤੇ ਜੰਗੀ ਕਲਾਵਾਂ ਦਾ ਵਿਸਤਾਰ ਹੋਇਆ।
ਉਨ੍ਹਾਂ ਅੱਗੇ ਕਿਹਾ ਕਿ ਆਧੁਨਿਕ ਖੇਡਾਂ ਦੇ ਨਾਲ-ਨਾਲ ਰਵਾਇਤੀ ਖੇਡਾਂ ਜਿਵੇਂ ਕੁਸ਼ਤੀ ਅਤੇ ਰੱਸਾਕਸ਼ੀ ਵੀ ਪੰਜਾਬ ਦੀ ਪਛਾਣ ਰਹੀਆਂ ਹਨ। ਅੱਜ ਵੀ ਪੰਜਾਬ ਦੇ ਖਿਡਾਰੀ ਦੇਸ਼ ਅਤੇ ਦੁਨੀਆ ਵਿੱਚ ਨਾਮ ਰੌਸ਼ਨ ਕਰ ਰਹੇ ਹਨ। 2021 ਦੀਆਂ ਟੋਕੀਓ ਓਲੰਪਿਕ ਖੇਡਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 41 ਸਾਲਾਂ ਬਾਅਦ ਭਾਰਤ ਨੂੰ ਹਾਕੀ ਵਿੱਚ ਕਾਂਸੀ ਦਾ ਤਗਮਾ ਮਿਲਿਆ, ਜਿਸ ਵਿੱਚ 9 ਖਿਡਾਰੀ ਪੰਜਾਬ ਦੇ ਸਨ ਅਤੇ ਟੀਮ ਦੇ ਕਪਤਾਨ ਵੀ ਪੰਜਾਬੀ ਹੀ ਸਨ।
ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣੇਗਾ ਆਯੋਜਨ
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਟੂਰਨਾਮੈਂਟ ਦੇ ਆਯੋਜਨ ਨਾਲ ਪਿੰਡਾਂ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਨਵੀਂ ਪ੍ਰੇਰਣਾ ਮਿਲੇਗੀ। ਲਾਈਵ ਟੈਲੀਕਾਸਟ ਰਾਹੀਂ ਨੌਜਵਾਨ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਦੇਖਣ ਦਾ ਮੌਕਾ ਮਿਲੇਗਾ। ਸਰਕਾਰ ਇਸ ਆਯੋਜਨ ਨੂੰ ਯਾਦਗਾਰੀ ਬਣਾਉਣ ਲਈ ਪੂਰੀ ਤਿਆਰੀ ਕਰ ਰਹੀ ਹੈ, ਤਾਂ ਜੋ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤੀ ਮਿਲ ਸਕੇ।