ਪੰਜਾਬ ਦੇ ਆਰਮੀ ਸਕੂਲਾਂ ’ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਨਿੰਦਾ, ਸਰਕੂਲਰ ਤੁਰੰਤ ਵਾਪਸ ਲੈਣ ਦੀ ਮੰਗ
ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਹ ਫੈਸਲਾ ਪੰਜਾਬੀ ਭਾਸ਼ਾ ਅਤੇ ਪੰਜਾਬ ਭਾਸ਼ਾ ਕਾਨੂੰਨ-2008 ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸਕੂਲ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ, ਪਰ ਨਵੇਂ ਸਰਕੂਲਰ ਰਾਹੀਂ ਪੰਜਾਬੀ ਨੂੰ ਚੌਥੇ ਵਿਕਲਪ ਤੱਕ ਸੀਮਤ ਕੀਤਾ ਜਾ ਰਿਹਾ ਹੈ।
Publish Date: Mon, 11 May 2026 08:53 AM (IST)
Updated Date: Mon, 11 May 2026 08:55 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ ਚੰਡੀਗੜ੍ਹ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਹਾਸ਼ੀਏ ’ਤੇ ਧੱਕਣ ਦੇ ਯਤਨਾਂ ਦਾ ਤਿੱਖਾ ਵਿਰੋਧ ਕੀਤਾ ਹੈ। ਪਾਰਟੀ ਨੇ ਆਰਮੀ ਐਜੂਕੇਸ਼ਨ ਸੁਸਾਇਟੀ ਵੱਲੋਂ ਜਾਰੀ ਉਸ ਸਰਕੂਲਰ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ, ਜਿਸ ਵਿੱਚ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਅਤੇ ਸੰਸਕ੍ਰਿਤ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦੀ ਗੱਲ ਕੀਤੀ ਗਈ ਹੈ।
ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਹ ਫੈਸਲਾ ਪੰਜਾਬੀ ਭਾਸ਼ਾ ਅਤੇ ਪੰਜਾਬ ਭਾਸ਼ਾ ਕਾਨੂੰਨ-2008 ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸਕੂਲ ਵਿੱਚ ਦਸਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਦੀ ਪੜ੍ਹਾਈ ਲਾਜ਼ਮੀ ਹੈ, ਪਰ ਨਵੇਂ ਸਰਕੂਲਰ ਰਾਹੀਂ ਪੰਜਾਬੀ ਨੂੰ ਚੌਥੇ ਵਿਕਲਪ ਤੱਕ ਸੀਮਤ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬੀ ਦੀ ਥਾਂ ਸੰਸਕ੍ਰਿਤ ਨੂੰ ਲਾਜ਼ਮੀ ਬਣਾਉਣ ਦੀ ਕੋਸ਼ਿਸ਼ ਭਾਸ਼ਾਈ ਵੰਨਸੁਵੰਨਤਾ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨਵੀਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਪਾਠਕਰਮ ਢਾਂਚੇ ਦੀ ਭਾਵਨਾ ਦੇ ਵੀ ਉਲਟ ਹੈ, ਜਿੱਥੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਮਾਤ ਭਾਸ਼ਾ ਦੇ ਆਧਾਰ ’ਤੇ ਵਿਸ਼ੇ ਚੁਣਨ ਦੀ ਆਜ਼ਾਦੀ ਦੇਣ ਦੀ ਗੱਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਰਕੂਲਰ ਅਨੁਸਾਰ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਵਿਸ਼ਾ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਨਹੀਂ ਕਰੇਗਾ, ਜਿਸ ਕਾਰਨ ਵਿਦਿਆਰਥੀਆਂ ਨੂੰ ਘਰ ਬੈਠ ਕੇ ਪੰਜਾਬੀ ਪੜ੍ਹਨ ਲਈ ਮਜਬੂਰ ਹੋਣਾ ਪਵੇਗਾ। ਸੀਪੀਆਈ ਐਮਐਲ ਨਿਊ ਡੈਮੋਕਰੇਸੀ ਨੇ ਸੀਬੀਐੱਸਈ ਨੂੰ ਭਾਸ਼ਾ ਨੀਤੀ ਦੀ ਪਾਲਣਾ ਯਕੀਨੀ ਬਣਾਉਣ ਅਤੇ ਪੰਜਾਬ ਸਰਕਾਰ ਨੂੰ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।