ਸੀਵਰੇਜ ਲਾਈਨ ਬੰਦ, ਗਲੀਆ ’ਚ ਫੈਲ ਰਿਹਾ ਦੂਸ਼ਿਤ ਪਾਣੀ
ਸੀਵਰੇਜ ਲਾਈਨ ਬੰਦ ਹੋਣ ਕਾਰਨ ਗਲੀਆ ’ਚ ਫੈਲ ਰਿਹਾ ਦੂਸ਼ਿਤ ਪਾਣੀ, ਲੋਕਾਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਸ
Publish Date: Tue, 05 May 2026 06:54 PM (IST)
Updated Date: Wed, 06 May 2026 04:12 AM (IST)

ਲੋਕਾਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਸ ਸੁਨੀਲ ਕੁਮਾਰ ਭੱਟੀ/ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਨਗਰ ਕੌਂਸਲ ਡੇਰਾਬੱਸੀ ਦੇ ਅਧੀਨ ਪੈਂਦੇ ਪਿੰਡ ਮੁਬਾਰਕਪੁਰ ਵਿਚ ਸਥਿਤ ਮਹਾਰਾਣਾ ਪ੍ਰਤਾਪ ਭਵਨ ਦੇ ਨਜ਼ਦੀਕ ਸੀਵਰੇਜ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਸਥਾਨਕ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਦੂਸ਼ਿਤ ਪਾਣੀ ਗਲੀ ਵਿਚ ਓਵਰਫਲੋਅ ਹੋ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਸੀਵਰੇਜ ਦਾ ਗੰਦਾ ਪਾਣੀ ਮਹਾਰਾਣਾ ਪ੍ਰਤਾਪ ਭਵਨ ਦੇ ਨੇੜੇ ਮੁਖ ਰਸਤਿਆਂ ਤੇ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਖੜ੍ਹੇ ਪਾਣੀ ’ਚੋਂ ਆ ਰਹੀ ਭਿਆਨਕ ਬਦਬੂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਸਥਾਨਕ ਲੋਕਾਂ ਨੂੰ ਡਰ ਹੈ ਕਿ ਗਰਮੀ ਦੇ ਇਸ ਮੌਸਮ ਵਿਚ ਹੈਜ਼ਾ, ਡੇਂਗੂ ਅਤੇ ਹੋਰ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਕਈ ਵਾਰ ਸਬੰਧਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ, ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਮੌਕੇ ਦਾ ਜਾਇਜ਼ਾ ਲੈਣ ਜਾਂ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਸਥਾਨਕ ਲੋਕਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਇਸ ਸੀਵਰੇਜ ਨੂੰ ਠੀਕ ਨਾ ਕੀਤਾ ਗਿਆ ਤਾਂ ਉਹ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋ ਜਾਣਗੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਡੇਰਾਬੱਸੀ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਸ਼ੀਨਾਂ ਲਗਾ ਕੇ ਸੀਵਰੇਜ ਦੀ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਹੁਣ ਦੇਖਣਾ ਇਹ ਹੋਵੇਗਾ ਕਿ ਖ਼ਬਰ ਨਸ਼ਰ ਹੋਣ ਤੋਂ ਬਾਅਦ ਕੁੰਭਕਰਨੀ ਨੀਂਦ ਸੁੱਤਾ ਪ੍ਰਸ਼ਾਸਨ ਜਾਗਦਾ ਹੈ ਜਾਂ ਲੋਕਾਂ ਨੂੰ ਇਸੇ ਤਰ੍ਹਾਂ ਗੰਦਗੀ ਵਿਚ ਦਿਨ ਕੱਟਣੇ ਪੈਣਗੇ।