ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ’ਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਗਿਆ। ਇਸ ਧਾਰਮਿਕ ਸਮਾਗਮ ’ਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਵੱਲੋਂ ਧਰਮ ਖਾਤਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿਚ ਵਿਸਥਾਰ ਸਹਿਤ ਸੁਣਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਬੇਅੰਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਰਬਾਬੀ ਗੁਰਦੁਆਰਾ ਨਾਢਾ ਸਾਹਿਬ, ਸੰਤ ਬਾਬਾ ਪਰਮਪ੍ਰੀਤ ਸਿੰਘ ਨਥੱਮਲਪੁਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਬੀਬੀ ਜਸਪ੍ਰੀਤ ਕੌਰ, ਸ਼ੇਰ ਪੰਜਾਬ ਕਵੀਸ਼ਰੀ ਜਥਾ ਭਾਈ ਜਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦੇ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿਚ ਵੱਡੀ ਗਿਣਤੀ ’ਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।