ਡੇਰਾਬੱਸੀ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ, ਚਾਰ ਜਣਿਆਂ ਨੂੰ ਕੀਤਾ ਕਾਬੂ, 1110 ਨਸ਼ੀਲੀਆਂ ਗੋਲ਼ੀਆਂ ਬਰਾਮਦ
ਡੇਰਾਬੱਸੀ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ, 4 ਜਣਿਆਂ ਨੂੰ ਕੀਤਾ ਕਾਬੂ, 1110 ਨਸ਼ੀਲੀਆਂ ਗੋਲ਼ੀਆਂ ਬਰਾਮਦ
Publish Date: Thu, 26 Mar 2026 07:16 PM (IST)
Updated Date: Thu, 26 Mar 2026 07:20 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐੱਸਐੱਸਪੀ ਮੁਹਾਲੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਖ਼ਾਸ ਪੁਲਿਸ ਟੀਮਾਂ ਬਣਾਈਆਂ ਗਈਆਂ। ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ, ਥਾਣਾ ਮੁਖੀ ਲਾਲੜੂ ਇੰਸਪੈਕਟਰ ਯੋਗੇਸ਼ ਕੁਮਾਰ, ਥਾਣਾ ਮੁਖੀ ਹੰਡੇਸਰਾ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਟੀਮਾਂ ਵੱਲੋਂ ਸਬ ਡਿਵੀਜ਼ਨ ਡੇਰਾਬੱਸੀ ਵਿਚ ਚੈਕਿੰਗ ਅਤੇ ਪੈਟਰੋਲਿੰਗ ਦੌਰਾਨ ਚਾਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਡੇਰਾਬੱਸੀ, ਲਾਲੜੂ ਅਤੇ ਹੰਡੇਸਰਾ ਵਿਚ ਤਿੰਨ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਨਿਵਾਸੀ ਸਰਸਵਤੀ ਵਿਹਾਰ ਡੇਰਾਬੱਸੀ, ਅਜੈ ਕੁਮਾਰ ਉਰਫ਼ ਬਿੱਲਾ ਨਿਵਾਸੀ ਪਿੰਡ ਮੁਬਾਰਕਪੁਰ, ਇੰਦਰਪਾਲ ਸਿੰਘ ਨਿਵਾਸੀ ਪਿੰਡ ਸੰਗੋਥਾ (ਲਾਲੜੂ) ਅਤੇ ਗੌਰਵ ਰਾਣਾ ਨਿਵਾਸੀ ਪਿੰਡ ਰਜਾਪੁਰ (ਹੰਡੇਸਰਾ) ਵਜੋਂ ਹੋਈ ਹੈ। ਚੈਕਿੰਗ ਦੌਰਾਨ ਪੁਲਿਸ ਨੇ ਜਸਵੀਰ ਸਿੰਘ ਅਤੇ ਅਜੈ ਕੁਮਾਰ ਉਰਫ਼ ਬਿੱਲਾ ਕੋਲੋਂ 1110 ਲੋਮੋਟਿਲ ਗੋਲ਼ੀਆਂ/ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਫ਼ਰਾਰ ਹੋਣ ਦੀ ਕੋਸ਼ਿਸ਼ ਦੌਰਾਨ ਦੋ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੇ ਹੱਥ ਤੇ ਲੱਤ ਵਿਚ ਫਰੈਕਚਰ ਆਏ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਕੇਸ ਦਰਜ ਹਨ। ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ। ਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਇਹ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।