ਗਣਤੰਤਰ ਦਿਵਸ ਤੋਂ ਪਹਿਲਾਂ ਡੇਰਾਬੱਸੀ ਅਲਰਟ ਮੋਡ ’ਚ, ਪੁਲਿਸ ਫੋਰਸ ਨੇ ਕੱਢਿਆ ਫਲੈਗ ਮਾਰਚ
ਗਣਤੰਤਰ ਦਿਵਸ ਤੋਂ ਪਹਿਲਾਂ ਡੇਰਾਬੱਸੀ ਅਲਰਟ ਮੋਡ ’ਚ, ਪੁਲਿਸ ਫੋਰਸ ਨੇ ਕੱਢਿਆ ਫਲੈਗ ਮਾਰਚ
Publish Date: Sun, 25 Jan 2026 06:59 PM (IST)
Updated Date: Sun, 25 Jan 2026 07:01 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ਤਹਿਤ ਗਣਤੰਤਰ ਦਿਵਸ 26 ਜਨਵਰੀ ਨੂੰ ਧਿਆਨ ਵਿਚ ਰੱਖਦਿਆਂ ਡੀਐੱਸਪੀ ਭੁਪਿੰਦਰ ਸਿੰਘ ਕਮਾਂਡਰ ਸੈਂਟਰ ਮੁਹਾਲੀ ਦੀ ਅਗਵਾਈ ’ਚ ਐਤਵਾਰ ਨੂੰ ਪੁਲਿਸ ਵੱਲੋਂ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐੱਸਪੀ ਨੇ ਦੱਸਿਆ ਕਿ ਫਲੈਗ ਮਾਰਚ ਦਾ ਮਕਸਦ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਫਲੈਗ ਮਾਰਚ ਵਿਚ ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ, ਥਾਣਾ ਮੁਖੀ ਹੰਡੇਸਰਾ ਗੁਰਮੇਹਰ ਸਿੰਘ, ਚੌਕੀ ਇੰਚਾਰਜ ਮੁਬਾਰਕਪੁਰ ਕੁਲਵੰਤ ਸਿੰਘ, ਚੌਕੀ ਇੰਚਾਰਜ ਲੈਹਲੀ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਸ਼ਾਮਲ ਸਨ। ਪੁਲਿਸ ਟੀਮਾਂ ਨੇ ਡੇਰਾਬੱਸੀ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ, ਰਿਹਾਇਸ਼ੀ ਖੇਤਰਾਂ ਅਤੇ ਆਵਾਜਾਈ ਵਾਲੇ ਰਸਤੀਆਂ ਚ ਪੈਦਲ ਮਾਰਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡੀਐੱਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਸ਼ਰਾਰਤੀ ਅਨਸਰਾਂ ਦੀ ਹਰਕਤ ਜਾਂ ਕਾਨੂੰਨ ਵਿਰੋਧੀ ਸਰਗਰਮੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਹਰ ਗਤੀਵਿਧੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਡੀਐੱਸਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਘਟਨਾ ਦੀ ਤੁਰੰਤ ਸੂਚਨਾ ਨੇੜਲੀ ਪੁਲਿਸ ਚੌਕੀ ਜਾਂ ਥਾਣੇ ਨੂੰ ਦੇਣ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਅਮਨ-ਕਾਨੂੰਨ ਬਣਾਈ ਰੱਖਿਆ ਜਾ ਸਕਦਾ ਹੈ। ਫਲੈਗ ਮਾਰਚ ਦੌਰਾਨ ਪੁਲਿਸ ਦੀ ਮੌਜੂਦਗੀ ਨਾਲ ਸ਼ਹਿਰ ਵਿਚ ਸੁਰੱਖਿਆ ਦਾ ਮਾਹੌਲ ਬਣਿਆ ਅਤੇ ਲੋਕਾਂ ਵਿਚ ਭਰੋਸਾ ਵੇਖਣ ਨੂੰ ਮਿਲਿਆ। ਸਥਾਨਕ ਵਸਨੀਕਾਂ ਨੇ ਪੁਲਿਸ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਫਲੈਗ ਮਾਰਚ ਸ਼ਰਾਰਤੀ ਅਨਸਰਾਂ ਵਿਚ ਡਰ ਪੈਦਾ ਕਰਦੇ ਹਨ ਅਤੇ ਆਮ ਨਾਗਰਿਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਂਦੇ ਹਨ।