ਸੁਰਿੰਦਰ ਸਿੰਘ ਸਰਸੀਣੀ ਭਾਜਪਾ ’ਚ ਸ਼ਾਮਲ
ਢਿੱਲੋਂ ਦਾ ਕਰੀਬੀ ਸੁਰਿੰਦਰ ਸਿੰਘ ਸਰਸੀਣੀ ਭਾਜਪਾ ’ਚ ਸ਼ਾਮਲ
Publish Date: Mon, 04 May 2026 05:15 PM (IST)
Updated Date: Mon, 04 May 2026 05:17 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦਾ ਕਰੀਬੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੁਰਿੰਦਰ ਸਿੰਘ ਸਰਸੀਣੀ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਿਆ। ਇਸ ਘਟਨਾ ਨੂੰ ਖੇਤਰ ਦੀ ਰਾਜਨੀਤੀ ਵਿਚ ਇਕ ਮਹੱਤਵਪੂਰਨ ਬਦਲਾਵ ਵਜੋਂ ਵੇਖਿਆ ਜਾ ਰਿਹਾ ਹੈ, ਜਿਸ ਨਾਲ ਸਥਾਨਕ ਰਾਜਨੀਤਿਕ ਸਮੀਕਰਨਾਂ ਤੇ ਅਸਰ ਪੈਣਾ ਤੈਅ ਮੰਨਿਆ ਜਾ ਰਿਹਾ ਹੈ। ਭਾਜਪਾ ਵਿਚ ਸ਼ਾਮਲ ਹੋਣ ਦਾ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਕਰਵਾਇਆ ਗਿਆ ਸੀ, ਜਿਸ ਵਿਚ ਪੰਜਾਬ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਦੀ ਮੌਜੂਦਗੀ ਵਿਚ ਸੁਰਿੰਦਰ ਸਿੰਘ ਸਰਸੀਣੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕੀਤਾ ਗਿਆ। ਦੋਵੇਂ ਆਗੂਆਂ ਨੇ ਇਸ ਮੌਕੇ ਤੇ ਕਿਹਾ ਕਿ ਸਰਸੀਣੀ ਵਰਗੇ ਅਨੁਭਵੀ ਆਗੂ ਦੇ ਜੁੜਨ ਨਾਲ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲੇਗੀ ਅਤੇ ਸੰਗਠਨ ਦਾ ਵਿਸਥਾਰ ਹੋਵੇਗਾ। ਇਸ ਪ੍ਰੋਗਰਾਮ ਵਿਚ ਜ਼ਿਲ੍ਹਾ ਮੁਹਾਲੀ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਦੇ ਸੀਨੀਅਰ ਆਗੂ ਐੱਸਐੱਮਐੱਸ ਸੰਧੂ, ਸੰਜੀਵ ਖੰਨਾ ਅਤੇ ਓਮਵੀਰ ਰਾਣਾ ਸਮੇਤ ਕਈ ਪ੍ਰਮੁੱਖ ਆਗੂ ਅਤੇ ਵਰਕਰ ਮੌਜੂਦ ਸਨ। ਸਾਰਿਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਪੂਰੇ ਘਟਨਾਕ੍ਰਮ ਵਿਚ ਭਾਜਪਾ ਦੇ ਸੀਨੀਅਰ ਨੇਤਾ ਐੱਸਐੱਮਐੱਸ ਸੰਧੂ ਦੀ ਭੂਮਿਕਾ ਖ਼ਾਸ ਰਹੀ। ਪਾਰਟੀ ਸੂਤਰਾਂ ਦੇ ਅਨੁਸਾਰ, ਉਨ੍ਹਾਂ ਦੇ ਲਗਾਤਾਰ ਕੋਸ਼ਿਸ਼ਾਂ ਅਤੇ ਸਰਗਰਮ ਸੰਪਰਕ ਦੇ ਕਾਰਨ ਹੀ ਸੁਰਿੰਦਰ ਸਿੰਘ ਸਰਸੀਣੀ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸੰਧੂ ਦੀ ਰਣਨੀਤੀ ਅਤੇ ਸੰਗਠਨਾਤਮਕ ਸਮਰੱਥਾ ਦਾ ਇਹ ਵੱਡਾ ਉਦਾਹਰਣ ਹੈ। ਭਾਜਪਾ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਡੇਰਾਬੱਸੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹੋਰ ਵੱਧ ਸਮਰਥਨ ਮਿਲੇਗਾ। ਉੱਥੇ ਹੀ ਕਾਂਗਰਸ ਲਈ ਇਹ ਘਟਨਾ ਇਕ ਵੱਡਾ ਝਟਕਾ ਮੰਨੀ ਜਾ ਰਹੀ ਹੈ, ਜਿਸ ਨਾਲ ਪਾਰਟੀ ਨੂੰ ਸਥਾਨਕ ਪੱਧਰ ਤੇ ਨੁਕਸਾਨ ਝੱਲਣਾ ਪੈ ਸਕਦਾ ਹੈ।