ਸਰਕਾਰੀ ਸਿਹਤ ਸੰਸਥਾਵਾਂ ਵਿਚ ਡਾਕਟਰਾਂ ਤੇ ਸਟਾਫ਼ ਨੇ ਅੱਗ ਸੁਰੱਖਿਆ ਬਾਰੇ ਸਹੁੰ ਚੁੱਕੀ
ਸਰਕਾਰੀ ਸਿਹਤ ਸੰਸਥਾਵਾਂ ਵਿਚ ਡਾਕਟਰਾਂ ਤੇ ਸਟਾਫ਼ ਨੇ ਅੱਗ ਸੁਰੱਖਿਆ ਬਾਰੇ ਸਹੁੰ ਚੁੱਕੀ
Publish Date: Mon, 04 May 2026 06:56 PM (IST)
Updated Date: Mon, 04 May 2026 06:59 PM (IST)
- ਹੰਗਾਮੀ ਹਾਲਾਤਾਂ ’ਚ ਜਾਨ-ਮਾਲ ਦੀ ਰੱਖਿਆ ਕਰਨ ਦਾ ਲਿਆ ਪ੍ਰਣ ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਫਾਇਰ ਸੇਫਟੀ ਹਫ਼ਤੇ ਮੌਕੇ ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਨੂੰ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਡਾਕਟਰਾਂ, ਨਰਸਿੰਗ ਸਟਾਫ਼, ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਅੱਗ ਸੁਰੱਖਿਆ ਸਬੰਧੀ ਸਹੁੰ ਚੁੱਕੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਅੱਗ ਲੱਗਣ ਵਾਲੀਆਂ ਘਟਨਾਵਾਂ ਤੋਂ ਬਚਾਅ ਲਈ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਉਨ੍ਹਾਂ ਇਹ ਵੀ ਵਚਨ ਦਿੱਤਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਅਤੇ ਸੁਚੱਜੇ ਢੰਗ ਨਾਲ ਕਾਰਵਾਈ ਕਰ ਕੇ ਜਾਨ-ਮਾਲ ਦੀ ਰੱਖਿਆ ਕੀਤੀ ਜਾਵੇਗੀ। ਡਾ. ਸੰਗੀਤਾ ਜੈਨ ਨੇ ਕਿਹਾ ਕਿ ਫਾਇਰ ਸੇਫਟੀ ਸਬੰਧੀ ਜਾਗਰੂਕਤਾ ਹਰ ਕਰਮਚਾਰੀ ਅਤੇ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਸਾਰੇ ਸਟਾਫ਼ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਸਐੱਮਓ ਡਾ. ਪਰਮਿੰਦਰਜੀਤ ਸਿੰਘ, ਡਾ. ਮਹਿਤਾਬ ਬੱਲ, ਡਾ. ਪਰਮਿੰਦਰ ਸਿੰਘ, ਨਰਸਿੰਗ ਅਧਿਕਾਰੀ ਸੁਖਵਿੰਦਰ ਕੌਰ ਤੇ ਹੋਰ ਹਾਜ਼ਰ ਸਨ।