ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸਿੰਘਪੁਰਾ ਵਾਸੀਆਂ ਵੱਲੋਂ ਇੰਡਸਟ੍ਰੀਅਲ ਫੋਕਲ ਪੁਆਇੰਟ ਚਨਾਲੋਂ ਦੇ ਸੀਵਰੇਜ ਦੀ ਹੁੰਦੀ ਆ ਰਹੀ ਲਗਾਤਾਰ ਓਵਰਫਲੋਅ ਕਾਰਨ ਕਿਸਾਨਾਂ ਦੀਆਂ ਖ਼ਰਾਬ ਹੋ ਰਹੀਆਂ ਫਸਲਾਂ ਦੀ ਦਿੱਤੀ ਸ਼ਿਕਾਇਤ ਦੇ ਮੱਦੇਨਜ਼ਰ ਇੰਡਸਟ੍ਰੀਅਲ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀ ਟੀਮ ਨੇ ਮੌਕੇ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਤੇ ਕਿਸਾਨਾਂ ਨੇ ਹਲਕਾ ਖਰੜ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਫੋਕਲ ਪੁਆਇੰਟ ਚਨਾਲੋਂ ਵਿਚਲੇ ਸੀਵਰੇਜ ਦੇ ਓਵਰਫਲੋਅ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਆ ਰਹੇ ਗੰਦੇ ਪਾਣੀ ਦੀ ਸਮੱਸਿਆ ਦੇ ਤੁਰੰਤ ਤੇ ਠੋਸ ਹੱਲ ਦੀ ਪੁਰਜ਼ੋਰ ਮੰਗ ਕੀਤੀ ਹੈ।
ਤਰਲੋਚਨ ਸਿੰਘ ਸੋਢੀ, ਮਾਜਰੀ/ਕੁਰਾਲੀ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸਿੰਘਪੁਰਾ ਵਾਸੀਆਂ ਵੱਲੋਂ ਇੰਡਸਟ੍ਰੀਅਲ ਫੋਕਲ ਪੁਆਇੰਟ ਚਨਾਲੋਂ ਦੇ ਸੀਵਰੇਜ ਦੀ ਹੁੰਦੀ ਆ ਰਹੀ ਲਗਾਤਾਰ ਓਵਰਫਲੋਅ ਕਾਰਨ ਕਿਸਾਨਾਂ ਦੀਆਂ ਖ਼ਰਾਬ ਹੋ ਰਹੀਆਂ ਫਸਲਾਂ ਦੀ ਦਿੱਤੀ ਸ਼ਿਕਾਇਤ ਦੇ ਮੱਦੇਨਜ਼ਰ ਇੰਡਸਟ੍ਰੀਅਲ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀ ਟੀਮ ਨੇ ਮੌਕੇ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਤੇ ਕਿਸਾਨਾਂ ਨੇ ਹਲਕਾ ਖਰੜ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਫੋਕਲ ਪੁਆਇੰਟ ਚਨਾਲੋਂ ਵਿਚਲੇ ਸੀਵਰੇਜ ਦੇ ਓਵਰਫਲੋਅ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਆ ਰਹੇ ਗੰਦੇ ਪਾਣੀ ਦੀ ਸਮੱਸਿਆ ਦੇ ਤੁਰੰਤ ਤੇ ਠੋਸ ਹੱਲ ਦੀ ਪੁਰਜ਼ੋਰ ਮੰਗ ਕੀਤੀ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜਰਨੈਲ ਸਿੰਘ, ਦੀਪ ਸਿੰਘ ਸਿੰਘਪੁਰਾ, ਗੁਰਨਾਮ ਸਿੰਘ ਅਤੇ ਹੋਰਨਾਂ ਪਿੰਡ ਵਾਸੀਆਂ ਤੇ ਕਿਸਾਨਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇੰਡਸਟ੍ਰੀਅਲ ਫੋਕਲ ਪੁਆਇੰਟ ਚਨਾਲੋਂ ਦਾ ਪਾਣੀ ਉਨ੍ਹਾਂ ਦੇ ਪਿੰਡ ਦੀਆਂ ਫਸਲਾਂ ਨੂੰ ਲਗਾਤਾਰ ਨੁਕਸਾਨ ਪਹੁੰਚਾ ਰਿਹਾ ਹੈ। ਦੀਪ ਸਿੰਘ, ਗੁਰਨਾਮ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਫੋਕਲ ਪੁਆਇੰਟ ਦੇ ਸਬੰਧਿਤ ਅਧਿਕਾਰੀਆਂ ਕੋਲ ਸ਼ਿਕਾਇਤ ਕਰ ਚੁੱਕੇ ਹਨ, ਪਰ ਕਿਸੇ ਵੀ ਅਧਿਆਕਰੀ ਨੇ ਕਿਸਾਨਾਂ ਤੇ ਪਿੰਡ ਵਾਸੀਆਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ। ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਸੀਵਰੇਜ ਦੇ ਓਵਰਫਲੋਅ ਹੋਣ ਕਾਰਨ ਪਿੰਡ ਨੂੰ ਆਉਣ ਵਾਲੀ ਸੜਕ 'ਤੇ ਵੀ ਇਹ ਪ੍ਰਦੂਸ਼ਿਤ ਤੇਜ਼ਾਬੀ ਪਾਣੀ ਲਗਾਤਾਰ ਚੱਲ ਰਿਹਾ ਹੈ, ਜੋ ਕਿ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਕਰ ਰਿਹਾ ਹੈ ਉੱਥੇ ਪਿੰਡ ਵਿਚਲੇ ਪੀਣ ਵਾਲੇ ਪਾਣੀ ਨੂੰ ਵੀ ਗੰਦਲਾ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਕੈਮੀਕਲ ਯੁਕਤ ਦੂਸ਼ਿਤ ਪਾਣੀ ਕਾਰਨ ਪਿੰਡ ਵਿਚ ਭਿਆਨਕ ਬਿਮਾਰੀ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਗੁਰਨਾਮ ਸਿੰਘ, ਦੀਪ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਫੋਕਲ ਪੁਆਇੰਟ ਚਨਾਲੋਂ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਲਾਇਆ ਗਿਆ ਸੀਵਰੇਜ਼ ਟਰੀਟਮੈਂਟ ਪਲਾਂਟ ਸਹੀ ਕੰਮ ਨਾ ਕਰਨ ਕਾਰਨ ਸਿਰਫ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ। ਜਦਕਿ ਸੀਵਰੇਜ ਲਗਾਤਾਰ ਉਸੇ ਤਰ੍ਹਾਂ ਓਵਰਫਲੋਅ ਹੋ ਰਿਹਾ ਹੈ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਅਤੇ ਸੀਵਰੇਜ ਦੇ ਓਵਰਫਲੋਅ ਨੂੰ ਪੱਕੇ ਤੌਰ 'ਤੇ ਹੱਲ ਕਰਨ ਲਈ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਤੇ ਕਿਸਾਨਾਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕੁਝ ਸਮਾਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਟੀਮ ਵੱਲੋਂ ਇੱਥੇ ਦਾ ਦੌਰਾ ਕਰ ਕੇ ਅਧਿਕਾਰੀਆਂ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਬਾਰੇ ਵੀ ਕਿਹਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਿੰਡ ਫੋਕਲ ਪੁਆਇੰਟ ਚਨਾਲੋਂ ਦੇ ਅਧਿਕਾਰੀਆਂ ਦੀ ਟੀਮ ਨੇ ਦੌਰਾ ਕਰ ਕੇ ਮੌਕੇ ਦਾ ਨਿਰੀਖਣ ਕੀਤਾ ਹੈ। ਇਸੇ ਦੌਰਾਨ ਇੰਡਸਟ੍ਰੀਅਲ ਵਿਭਾਗ ਦੇ ਐੱਸਡੀਓ ਸੰਦੀਪ ਸਿੰਘ ਨੇ ਕਿਹਾ ਕਿ ਵਿਭਾਗ ਦਾ ਸੀਵਰੇਜ਼ ਟਰੀਟਮੈਂਟ ਪਲਾਂਟ ਪੂਰੀ ਤਰ੍ਹਾਂ ਨਾਲ ਸਹੀ ਕੰਮ ਕਰ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਸੀਵਰੇਜ ਓਵਰਫਲੋਅ ਦੇ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਿਲੰਕ ਸੜਕ ਉੱਤੇ ਬਰਸਾਤੀ ਪਾਣੀ ਖੜ੍ਹਾ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇੰਡਸਟ੍ਰੀਅਲ ਫੋਕਲ ਪੁਆਇੰਟ ਤੋਂ ਇਲਾਵਾ ਬਾਹਰੀ ਬਰਸਾਤੀ ਪਾਣੀ ਵੀ ਸਿੰਘਪੁਰਾ ਵਿਚ ਕਿਸੇ ਪਾਸੇ ਤੋਂ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਓਵਰਫਲੋਅ ਹੁੰਦਾ ਹੈ ਤਾਂ ਉਸ ਨੂੰ ਵਿਭਾਗ ਵੱਲੋਂ ਤੁਰੰਤ ਠੀਕ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਦੇ ਲਈ ਇੰਡਸਟ੍ਰੀਅਲ ਵਿਭਾਗ ਲਗਾਤਾਰ ਯਤਨਸ਼ੀਲ ਹੈ।