ਆਬਕਾਰੀ ਵਿਭਾਗ ਵੱਲੋਂ ਖਰੜ ਅਤੇ ਮੁਹਾਲੀ ਵਿਚ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ
ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ
Publish Date: Sat, 10 Jan 2026 07:04 PM (IST)
Updated Date: Sat, 10 Jan 2026 07:06 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਆਬਕਾਰੀ ਵਿਭਾਗ ਨੇ ਸੂਬੇ ਵਿਚ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਨਿਯਮਾਂ ਦੀ ਉਲੰਘਣਾ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੀਤੀ ਰਾਤ ਖਰੜ ਅਤੇ ਮੁਹਾਲੀ ਖੇਤਰਾਂ ਵਿਚ ਵੱਡੀ ਕਾਰਵਾਈ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਵਿਭਾਗ ਨੇ ਕੁੱਲ 44 ਪੇਟੀਆਂ ਸ਼ਰਾਬ ਬਰਾਮਦ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਆਬਕਾਰੀ ਇੰਸਪੈਕਟਰ (ਖਰੜ) ਅਸ਼ੋਕ ਕੁਮਾਰ ਨੇ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਖਰੜ ਸਿਵਲ ਹਸਪਤਾਲ ਰੋਡ ਤੇ ਸਥਿਤ ਢਾਬਿਆਂ ਤੇ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਦੋ ਢਾਬਿਆਂ ਵਿਚ ਨਾਜਾਇਜ਼ ਤੌਰ ਤੇ ਸ਼ਰਾਬ ਪਿਲਾਉਣ ਦੇ ਦੋਸ਼ ਹੇਠ 21 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ। ਸਿਟੀ ਖਰੜ ਪੁਲਿਸ ਥਾਣੇ ਵਿਚ ਸਬੰਧਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਦੂਜੇ ਪਾਸੇ, ਮੁਹਾਲੀ ਦੇ ਫੇਜ਼-11 ਵਿਚ ਆਬਕਾਰੀ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਇਕ ਕਾਰ ਵਿਚੋਂ ਫਾਰ ਸੇਲ ਇਨ ਚੰਡੀਗੜ੍ਹ ਮਾਰਕਾ ਵਾਲੀ 23 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ। ਪੁਲਿਸ ਨੇ ਫ਼ਤਹਿਗੜ੍ਹ ਸਾਹਿਬ ਦੇ ਰਹਿਣ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਭਾਗ ਅਨੁਸਾਰ ਇਹ ਸਾਰੀ ਕਾਰਵਾਈ ਆਬਕਾਰੀ ਕਮਿਸ਼ਨਰ ਜਿਤੇਂਦਰ ਜੋਰਵਾਲ ਅਤੇ ਸਹਾਇਕ ਆਬਕਾਰੀ ਕਮਿਸ਼ਨਰ ਅਸ਼ੋਕ ਚਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿਚ ਲਿਆਂਦੀ ਗਈ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾ ਵਿਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।