ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੇ ਕਾਰਜਕਾਲ ’ਚ ਵਾਧਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੇ ਕਾਰਜਕਾਲ ਵਿਚ ਵਾਧਾ,
Publish Date: Mon, 23 Feb 2026 06:54 PM (IST)
Updated Date: Mon, 23 Feb 2026 06:58 PM (IST)

- ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਸਵਾਗਤ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿਚ ਵਾਧਾ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਹਰ ਵਰਗ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਰਜਕਾਲ ਵਿਚ ਵਾਧਾ ਹੋਣ ਤੋਂ ਬਾਅਦ ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਦੌਰਾਨ ਚੇਅਰਮੈਨ ਬਰਸਟ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹਿੱਤ ਵਿਚ ਕੰਮ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁਚੱਜੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਵਿਸਥਾਰ ਲਈ ਹੋਰ ਜ਼ਿਆਦਾ ਜੋਸ਼ ਨਾਲ ਕੋਸ਼ਿਸ਼ ਕਰਨ। ਚੇਅਰਮੈਨ ਨੇ ਖ਼ਾਸ ਤੌਰ ’ਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਿਚ ਵਾਧਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਇਸਤੇਮਾਲ ਅਤੇ ਡਿਜੀਟਲ ਪ੍ਰਣਾਲੀਆਂ ਦੇ ਵਿਸਥਾਰ ਨਾਲ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਦੇ ਨਾਲ-ਨਾਲ ਸੂਬੇ ਦੀਆਂ ਮੰਡੀਆਂ ਦੇ ਵਿਕਾਸ ਲਈ ਢਾਂਚਾਗਤ ਸੁਧਾਰ, ਸਫ਼ਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੀ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਪ੍ਰਣਾਲੀ ਵਿਚ ਮੰਡੀਆਂ ਦੀ ਕੇਂਦਰੀ ਭੂਮਿਕਾ ਹੈ ਅਤੇ ਮੰਡੀਆਂ ਸਿਰਫ਼ ਖ਼ਰੀਦ-ਫਰੋਖ਼ਤ ਦਾ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਆਧਾਰ ਹਨ ਅਤੇ ਇਸ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ। ਬਰਸਟ ਨੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ। ਇਸ ਮੌਕੇ ਕੁਮਾਰ ਅਮਿਤ ਆਈਏਐੱਸ ਸਕੱਤਰ ਪੰਜਾਬ ਮੰਡੀ ਬੋਰਡ, ਜਤਿੰਦਰ ਸਿੰਘ ਭੰਗੂ ਇੰਜੀਨੀਅਰ ਇਨ ਚੀਫ਼, ਹਰਜੀਤ ਸਿੰਘ ਸੰਧੂ ਪੀਸੀਐੱਸ ਸੰਯੁਕਤ ਸਕੱਤਰ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬਰਸਟ ਦੀ ਅਗਵਾਈ ਵਿਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਿਸ਼ਵਾਸ ਦਿਵਾਇਆ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।