ਸਰਕਾਰੀ ਅੰਕੜੇ ਵੀ ਦੱਸਦੇ ਹਨ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਸੁਸਤ ਚਾਲ ਨਾਲ ਚੱਲ ਰਹੀ ਹੈ। ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਲੱਗੀਆਂ ਹੋਈਆਂ ਹਨ। ਸੂਤਰ ਦੱਸਦੇ ਹਨ ਕਿ ਸੂਬਾ ਸਰਕਾਰ ਅਤੇ ਖ੍ਰੀਦ ਏਜੰਸੀਆਂ ਨੂੰ ਕੇਂਦਰ ਸਰਕਾਰ ਵਲੋਂ ਖਰੀਦ ਵਿਚ ਸ਼ਰਤਾਂ ਵਿਚ ਢਿੱਲ ਮਿਲਣ ਦੀ ਉਮੀਦ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ ਝੰਬੇ ਹੋਏ ਕਿਸਾਨ ਹੁਣ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਹੇ ਹਨ। ਹਾਲਾਂਕਿ ਸੂਬਾ ਸਰਕਾਰ ਨੇ ਇਕ ਅਪ੍ਰੈਲ ਤੋਂ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਅਤੇ ਮੰਡੀਆਂ ਵਿਚ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ, ਪਰ ਜ਼ਮੀਨੀ ਹਕੀਕਤ ਹੈ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਵੇਚਣ ਲਈ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਕਣਕ ਖ੍ਰੀਦ ਕਰਨ ਦਾ ਟੀਚਾ ਰੱਖਿਆ ਹੈ। ਵਰਨਣਯੋਗ ਹੈ ਕਿ ਪਿਛਲੇ ਮਹੀਨੇ ਭਾਰੀ ਮੀਹ ਅਤੇ ਗੜੇਮਾਰੀ ਨੇ ਫਸਲਾਂ ਖਾਸਕਰਕੇ ਕਣਕ ਦਾ ਕਾਫ਼ੀ ਨੁਕਸਾਨ ਕੀਤਾ ਹੈ।
ਸਰਕਾਰੀ ਅੰਕੜੇ ਵੀ ਦੱਸਦੇ ਹਨ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਸੁਸਤ ਚਾਲ ਨਾਲ ਚੱਲ ਰਹੀ ਹੈ। ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਲੱਗੀਆਂ ਹੋਈਆਂ ਹਨ। ਸੂਤਰ ਦੱਸਦੇ ਹਨ ਕਿ ਸੂਬਾ ਸਰਕਾਰ ਅਤੇ ਖ੍ਰੀਦ ਏਜੰਸੀਆਂ ਨੂੰ ਕੇਂਦਰ ਸਰਕਾਰ ਵਲੋਂ ਖਰੀਦ ਵਿਚ ਸ਼ਰਤਾਂ ਵਿਚ ਢਿੱਲ ਮਿਲਣ ਦੀ ਉਮੀਦ ਹੈ। ਇਹੀ ਕਾਰਨ ਹੈ ਕਿ ਖਰੀਦ ਏਜੰਸੀਆਂ ਵਲੋਂ ਕਣਕ ਖਰੀਦ ਕਰਨ ਦੀ ਪ੍ਰੀਕਿਰਿਆ ਨੂੰ ਜਾਣਬੁੱਝ ਕੇ ਹੌਲੀ ਕੀਤਾ ਹੋਇਆ ਹੈ। ਕੇਦਰ ਸਰਕਾਰ ਦੀਆਂ ਵੱਖ-ਵੱਖ ਟੀਮਾਂ ਨੇ ਫਸਲਾਂ, ਖਾਸ ਕਰਕੇ ਕਣਕ ਦੇ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਲਈ ਮਾਲਵਾ ਦੇ ਸਰਹੱਦੀ ਜ਼ਿਲਿਆ ਦਾ ਦੌਰਾ ਕੀਤਾ ਹੈ ਜਿਸ ਕਰਕੇ ਸੂਬਾ ਸਰਕਾਰ ਨੂੰ ਉਮੀਦ ਹੈ ਕਿ ਕੇਦਰ ਸਰਕਾਰ ਖਰੀਦ ਵਿਚ ਢਿੱਲ ਦੇਵੇਗੀ। ਦੱਸਿਆ ਜਾਂਦਾ ਹੈ ਕਿ ਰਾਜਸਥਾਨ ਨੂੰ ਪਹਿਲਾਂ ਹੀ ਢਿੱਲ ਮਿਲ ਚੁੱਕੀ ਹੈ।
ਅੰਕੜੇ ਦੱਸਦੇ ਹਨ ਕਿ ਬੀਤੇ ਕੱਲ੍ਹ 14 ਅਪ੍ਰੈਲ ਤੱਕ ਮੰਡੀਆਂ ਵਿਚ ਕੁੱਲ 401732.25 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਦਕਿ ਇਕੱਲੇ ਕੱਲ ਦੇ ਦਿਨ ਦੀ ਆਮਦ 167893.15 ਮੀਟ੍ਰਿਕ ਟਨ ਰਹੀ ਹੈ। ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 80827.20 ਮੀਟਰਕ ਟਨ ਕਣਕ ਖ੍ਰੀਦ ਕੀਤੀ ਹੈ. ਇਸ ਵਿਚ ਸਰਕਾਰੀ ਏਜੰਸੀਆਂ ਨੇ 79314.50 ਮੀਟਰਕ ਟਨ ਅਤੇ ਪ੍ਰਾਈਵੇਟ ਤੌਰ ’ਤੇ 1512.70 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਗਈ ਹੈ। ਖਰੀਦ ਕੀਤੀ ਕੁੱਲ ਕਣਕ ਵਿਚੋ 11047.80 ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ। ਬਾਕੀ ਸਾਰੀ ਕਣਕ ਖੁੱਲੇ ਅਸਮਾਨ ਹੇਠ ਪਈ ਹੈ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਕਣਕ ਖਰੀਦ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਭੰਡਾਰ ਕਰਨ ਲਈ ਸ਼ੈਲਰਾਂ ਸਮੇਤ ਹੋਰ ਥਾਵਾਂ ’ਤੇ ਪ੍ਰਬੰਧ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਬ ਵਿਚ ਉਹਨਾਂ ਦੱਸਿਆ ਕਿ ਮੁਖ ਮੰਤਰੀ ਭਗਵੰਤ ਮਾਨ ਦੇ ਕੇਂਦਰੀ ਫੂਡ ਸਪਲਾਈ ਮੰਤਰਾਲੇ ਦੇ ਮੰਤਰੀ ਨਾਲ ਮੁਲਾਕਾਤ ਕਰਨ ਬਾਅਦ ਚੌਲਾਂ ਦੀਆਂ ਸਪੈਸ਼ਲ ਗੱਡੀਆਂ ਦੀ ਗਿਣਤੀ ਵਿਚ ਵਾਧਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪਿਛਲੇ ਮਹੀਨੇ 170 ਗੱਡੀਆਂ ਲੱਗਦੀਆਂ ਸਨ, ਹੁਣ ਕੇਂਦਰ ਸਰਕਾਰ ਨੇ 270 ਸਪੈਸ਼ਲ ਗੱਡੀਆਂ ਲਗਾਉਣ ਦਾ ਭਰੋਸਾ ਦੇ ਦਿੱਤਾ ਹੈ। ਇਸ ਨਾਲ ਤੇਜ਼ੀ ਨਾਲ ਗੁਦਾਮ ਖਾਲੀ ਹੋ ਜਾਣਗੇ।
ਸਰਕਾਰ ਕਣਕ ਦਾ ਦਾਣਾ ਦਾਣਾ ਖਰੀਦ ਕਰੇਗੀ : ਕਟਾਰੂਚੱਕ
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਕਹਿਣਾ ਹੈ ਕਿ ਮੰਡੀਆਂ ਵਿਚ ਪੁੱਜ ਰਹੀ ਕਣਕ ਦਾ ਦਾਣਾ ਦਾਣਾ ਖ੍ਰੀਦਣ ਲਈ ਸਰਕਾਰ ਬਚਨਵੱਧ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਬਦਰੰਗ, ਦਾਣਾ ਟੁੱਟਣ ਅਤੇ ਦਾਣਾ ਸੁੰਘੜਨ ਵਾਲੀ ਕਣਕ ਆਉਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ, ਫਿਰ ਵੀ ਸਰਕਾਰ ਕਣਕ ਖਰੀਦ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਟੀਮਾ ਨੇ ਪਿਛਲੇ ਦੋ ਦਿਨਾਂ ਦੋਰਾਨ ਵੱਖ ਵੱਖ 56 ਥਾਵਾਂ ਦਾ ਨਿਰੀਖਣ ਕੀਤਾ ਹੈ। ਸੂਬੇ ਦੇ ਅਧਿਕਾਰੀਆਂ ਤੇ ਕਿਸਾਨਾਂ ਨੇ ਕੇਂਦਰੀ ਟੀਮਾਂ ਨੂੰ ਹਕੀਕਤ ਤੋਂ ਜਾਣੂ ਕਰਵਾਇਆ ਹੈ। ਕਟਾਰੂਚੱਕ ਦਾ ਕਹਿਣਾ ਹੈ ਕਿ ਉਹਨਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਕਣਕ ਖਰੀਦ ਵਿਚ ਜ਼ਰੂਰ ਢਿੱਲ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਫਸਲ ਖਰੀਦ ਰਹੀ ਹੈ ਅਤੇ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਹਨ।