ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਸਿਵਲ ਸਰਜਨ
ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਸਿਵਲ ਸਰਜਨ,
Publish Date: Mon, 18 May 2026 05:33 PM (IST)
Updated Date: Mon, 18 May 2026 05:36 PM (IST)

- ਜ਼ਿਲ੍ਹਾ ਸਿਹਤ ਵਿਭਾਗ ਨੇ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ - ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਧੁੱਪ ’ਚ ਨਿਕਲਣ ਤੋਂ ਗੁਰੇਜ਼ ਕਰਨ ਆਮ ਨਾਗਰਿਕ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਗਰਮ ਹਵਾਵਾਂ ਦੇ ਚਾਲੂ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਲੂ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਮੁਹਾਲੀ ਦੇ ਸਰਕਾਰੀ ਹਸਪਤਾਲ ਵਿਚ ਇਕ ਸਪੈਸ਼ਲ ਵਾਰਡ ਬਣਾਇਆ ਗਿਆ ਹੈ। ਜਿਸ ਵਿਚ ਸੱਤ ਬੈੱਡ ਲਗਾਏ ਗਏ ਹਨ ਤਾਂ ਜੋ ਐਮਰਜੈਂਸੀ ਪੈਣ ’ਤੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓਆਰਐੱਸ ਦਾ ਘੋਲ ਆਦਿ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਇਸ ਮੌਕੇ ਡਾ. ਸੰਗੀਤ ਜੈਨ ਨੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜੰਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਅਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ’ਤੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬਿਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬਿਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁੱਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ। ਗਰਮੀ ਤੋਂ ਬਚਾਅ ਲਈ ਇਹ ਕਰੋ : ਆਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕੱਪੜੇ ਪਾਓ। ਬਾਹਰ ਜਾਣ ਸਮੇਂ ਅੱਖਾਂ ’ਤੇ ਐਨਕ ਲਗਾਓ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ, ਜਿਵੇਂ ਰੁੱਖ ਜਾਂ ਹੋਰ ਛਾਂਦਾਰ ਕੋਈ ਹੋਰ ਥਾਂ। ਨੰਗੇ ਪੈਰ ਬਾਹਰ ਨਾ ਜਾਓ। ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਓ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਇਹ ਨਾ ਕਰੋ : ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਓ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪ੍ਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।