ਗਾਰਬੇਜ ਪ੍ਰੋਸੈਸਿੰਗ ਪਲਾਂਟ ਇਲਾਕੇ ਲਈ ਖ਼ਤਰਾ : ਹਰਦੇਵ ਉੱਭਾ
ਗਾਰਬੇਜ ਪ੍ਰੋਸੈਸਿੰਗ ਪਲਾਂਟ ਇਲਾਕੇ ਲਈ ਖ਼ਤਰਾ : ਹਰਦੇਵ ਉੱਭਾ
Publish Date: Mon, 20 Apr 2026 06:39 PM (IST)
Updated Date: Mon, 20 Apr 2026 06:42 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਦੇ ਨੇੜਲੇ ਇਲਾਕੇ ਸ਼ਾਹੀ ਮਾਜਰਾ ਫੇਜ਼-2, ਫੇਜ਼-5 ਅਤੇ ਆਸ-ਪਾਸ ਦੇ ਰਿਹਾਇਸ਼ੀ ਤੇ ਉਦਯੋਗਿਕ ਖੇਤਰਾਂ ’ਚ ਗੰਭੀਰ ਚਿੰਤਾ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗਰੀਨ ਬੈਲਟ ਨੂੰ ਗਾਰਬੇਜ ਪ੍ਰੋਸੈਸਿੰਗ ਪਲਾਂਟ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਥਾਂ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਬਿਲਕੁਲ ਨੇੜੇ ਹੋਣ ਕਰਕੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਲਈ ਵੱਡਾ ਖ਼ਤਰਾ ਬਣ ਚੁੱਕੀ ਹੈ। ਇਸ ਮਸਲੇ ਦੇ ਖ਼ਿਲਾਫ਼ ਲੱਗੇ ਧਰਨੇ ਵਿਚ ਹਿੱਸਾ ਲੈਂਦੇ ਹੋਏ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਹ ਪਲਾਂਟ ਬਿਜਲੀ ਗਰਿੱਡ ਦੇ ਬਿਲਕੁਲ ਨਾਲ ਲੱਗਦਾ ਹੈ, ਜਿਸ ਕਾਰਨ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ। ਲੱਗਦਾ ਹੈ ਕਿ ਪ੍ਰਸ਼ਾਸਨ ਕਿਸੇ ਵੱਡੀ ਦੁਰਘਟਨਾ ਦੀ ਉਡੀਕ ਕਰ ਰਿਹਾ ਹੈ, ਜੋ ਕਿ ਬਿਲਕੁਲ ਗੰਭੀਰ ਲਾਪ੍ਰਵਾਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਨਗਰ ਨਿਗਮ ਸਮੇਤ ਹੋਰ ਸਬੰਧਿਤ ਵਿਭਾਗ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੇ ਹਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇਹ ਹਾਲਤ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਤੁਰੰਤ ਇਸ ਮਾਮਲੇ ਵਿਚ ਦਖ਼ਲ ਦਿੱਤਾ ਜਾਵੇ ਅਤੇ ਗਰੀਨ ਬੈਲਟ ਵਿਚ ਬਣ ਰਹੇ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਲੋਕਾਂ ਨਾਲ ਮਿਲ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਮਸਲੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ।