ਮੁਹਾਲੀ ਜ਼ਿਲ੍ਹੇ ’ਚ ਕਣਕ ਦੀ ਸਰਕਾਰੀ ਖ਼ਰੀਦ ਨਿਰਵਿਘਨ ਜਾਰੀ
ਮੁਹਾਲੀ ਜ਼ਿਲ੍ਹੇ ਵਿਚ ਕਣਕ ਦੀ ਸਰਕਾਰੀ ਖ਼ਰੀਦ ਨਿਰਵਿਘਨ ਜਾਰੀ,
Publish Date: Mon, 13 Apr 2026 05:15 PM (IST)
Updated Date: Mon, 13 Apr 2026 05:19 PM (IST)

- ਕਿਸਾਨਾਂ ਦੇ ਖਾਤਿਆਂ ’ਚ ਭੇਜੀ ਖ਼ਰੀਦੀ ਕਣਕ ਦੀ ਅਦਾਇਗੀ ਲਈ 16.97 ਕਰੋੜ ਰੁਪਏ ਦੀ ਰਾਸ਼ੀ - ਭਾਰਤ ਸਰਕਾਰ ਦੀ ਤਿੰਨ ਮੈਂਬਰੀ ਕਮੇਟੀ ਨੇ ਕੁਰਾਲੀ, ਬਨੂੜ ਤੇ ਲਾਲੜੂ ਦੀਆਂ ਮੰਡੀਆਂ ’ਚੋਂ ਕਣਕ ਦੇ ਸੈਂਪਲ ਲਏ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀਆਂ ਆਨਜ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 16.97 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੇ ਗਏ ਹਨ। ਸੋਮਵਾਰ ਨੂੰ ਮੁਹਾਲੀ ਵਿਖੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਵਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਤੈਅ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿਚ ਕਣਕ ਦੀ ਰਾਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 13717 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ’ਚੋਂ 9272 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 3058 ਮੀਟਰਿਕ ਟਨ, ਮਾਰਕਫੈੱਡ ਵੱਲੋਂ 3384 ਮੀਟਰਿਕ ਟਨ, ਪਨਸਪ ਵੱਲੋਂ 2118 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 712 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ਾਂ ਨਾਲ ਪ੍ਰਭਾਵਿਤ ਕਣਕ ਦੀ ਜਾਂਚ ਲਈ ਭਾਰਤ ਸਰਕਾਰ ਵੱਲੋਂ ਤਿੰਨ ਮੈਂਬਰੀ ਕਮੇਟੀ ਮੰਡੀਆਂ ਵਿਚ ਕਣਕ ਦੇ ਸੈਂਪਲ ਲੈਣ ਲਈ ਭੇਜੀ ਗਈ ਹੈ। ਇਸ ਕਮੇਟੀ ਵੱਲੋਂ ਕੁਰਾਲੀ, ਬਨੂੜ ਅਤੇ ਲਾਲੜੂ ਦੀਆਂ ਅਨਾਜ ਮੰਡੀ ਦਾ ਦੌਰਾ ਕਰਕੇ ਮੰਡੀ ’ਚੋਂ ਕੁੱਝ ਸੈਂਪਲ ਲਏ ਗਏ ਹਨ। ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਦੀ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਚ ਅਧਿਕਾਰੀਆਂ ਵੱਲੋਂ ਮੰਡੀ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੰਡੀ ਵਿਚ ਸੁੱਕੀ ਕਣਕ ਹੀ ਲੈ ਕੇ ਆਉਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸਰਕਾਰ ਦੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਹਿੱਤ ਸਮੂਹ ਫੀਲਡ ਅਮਲੇ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਕਿਸਾਨਾਂ ਨੂੰ ਕਣਕ ਦੀ ਖ਼ਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਨਿਰਵਿਘਨ ਸੇਵਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਮੁਹਾਲੀ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿਚ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਮਿੱਥੇ ਸਮੇਂ ਵਿਚ ਕੀਤੀ ਜਾ ਰਹੀ ਹੈ।