ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ

ਸੁਰਜੀਤ ਸਿੰਘ ਕੁਹਾੜ, ਲਾਲੜੂ : ਜਗਤ ਗੁਰੂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਖੇਤਰ ’ਚ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਪਿੰਡ ਲਾਲੜੂ, ਧਰਮਗੜ੍ਹ, ਸਰਦਾਰਪੁਰਾ, ਜਾਸਤਨਾਂ ਖੁਰਦ, ਸਿਤਾਰਪੁਰ, ਜੌਲਾ ਕਲਾਂ, ਰਾਮਗੜ੍ਹ ਰੁੜਕੀ, ਲਾਲੜੂ ਮੰਡੀ, ਰਾਣੀ ਮਾਜਰਾ, ਆਗਾਂਪੁਰ, ਜੜੌਤ,ਸਰਸੀਣੀ, ਬਟੌਲੀ, ਹੰਡੇਸਰਾ, ਬੜਾਣਾ, ਕੁਰਲੀ, ਬੜਾਣਾ, ਜਿਊਲੀ, ਹਮਾਂਯੂਪੁਰ, ਤਸਿੰਬਲੀ, ਡੈਹਰ, ਆਲਮਗੀਰ, ਟਿਵਾਣਾ, ਲੈਹਲੀ, ਦੱਪਰ ਅਦਿ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ ਅਤੇ ਸਾਰਾ ਦਿਨ ਗੁਰਦੁਆਰਿਆਂ ਵਿਚ ਅਤੁੱਟ ਲੰਗਰ ਵੀ ਵਰਤਾਇਆ ਗਿਆ। ਪਿੰਡ ਧਰਮਗੜ੍ਹ ਵਿਖੇ ਮਨਾਏ ਗਏ ਗੁਰਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘ ਵੱਲੋਂ ਸੰਗਤਾਂ ਨੂੰ ਸਬਦ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਉਨਾਂ ਦੇ ਦਿੱਤੇ ਤਿੰਨ ਸਿਧਾਤ ਕਿਰਤ ਕਰੋ, ਵੰਡ ਕੇ ਛਕੋ ਅਤੇ ਨਾਮ ਜਪੋ ‘ਤੇ ਚੱਲਣ ਦਾ ਉਪਦੇਸ਼ ਦਿੱਤਾ। ਸਮਾਗਮ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਕਲਾਂ ਨੇ ਸਿਰਕਤ ਕਰਦਿਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਂ ਉੱਤੇ ਚਲ ਕੇ ਜੀਵਨ ਬਤੀਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਪ੍ਰੋਗਰਾਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।