ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਕ੍ਰਿਕਟ ਲੀਗ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ’ਚ ਛੁਪੀ ਪ੍ਰਤਿਭਾ ਨੂੰ ਪਛਾਣਨਾ, ਉਨ੍ਹਾਂ ਨੂੰ ਨਿਖਾਰਨਾ ਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਕ੍ਰਿਕਟ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਅਨੁਸ਼ਾਸਨ, ਸਾਕਾਰਾਤਮਕ ਸੋਚ ਤੇ ਚੰਗੇਰੇ ਭਵਿੱਖ ਦਾ ਰਾਹ ਪੱਧਰਾ ਕਰਦੀਆਂ ਹਨ, ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਕ੍ਰਿਕਟ ਲੀਗ (ਪੀਸੀਐੱਲ) ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਲੀਗ ਸਿਰਫ਼ ਇੱਕ ਟੂਰਨਾਮੈਂਟ ਨਹੀਂ ਹੈ ਸਗੋਂ ਨੌਜਵਾਨਾਂ ਦੇ ਸਸ਼ਕਤੀਕਰਨ ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਇੱਕ ਰਣਨੀਤਕ ਪਹਿਲਕਦਮੀ ਹੈ। ਪੰਜਾਬ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਤਰਜ਼ ’ਤੇ ਕਰਵਾਈ ਜਾਵੇਗੀ, ਜਿਸ 'ਚ ਜ਼ਿਲਾ ਤੇ ਖੇਤਰੀ ਪੱਧਰ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਲੀਗ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਤੇ ਪੰਜਾਬ ਕ੍ਰਿਕਟ ਸੰਘ (ਪੀਸੀਏ) ਨਾਲ ਤਾਲਮੇਲ ਕੀਤਾ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਪੇਸ਼ੇਵਰ ਪੱਧਰ ਦੀਆਂ ਸਹੂਲਤਾਂ ਤੇ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਸਕੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਕ੍ਰਿਕਟ ਲੀਗ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ’ਚ ਛੁਪੀ ਪ੍ਰਤਿਭਾ ਨੂੰ ਪਛਾਣਨਾ, ਉਨ੍ਹਾਂ ਨੂੰ ਨਿਖਾਰਨਾ ਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਕ੍ਰਿਕਟ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਅਨੁਸ਼ਾਸਨ, ਸਾਕਾਰਾਤਮਕ ਸੋਚ ਤੇ ਚੰਗੇਰੇ ਭਵਿੱਖ ਦਾ ਰਾਹ ਪੱਧਰਾ ਕਰਦੀਆਂ ਹਨ, ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ।
ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ ਨੂੰ ਸਿਰਫ਼ ਮਨੋਰੰਜਨ ਵਜੋਂ ਨਹੀਂ ਸਗੋਂ ਸਮਾਜਿਕ ਤਬਦੀਲੀ ਦੇ ਮਜ਼ਬੂਤ ਮਾਧਿਅਮ ਵਜੋਂ ਦੇਖ ਰਹੀ ਹੈ।
ਪ੍ਰਸਤਾਵਿਤ ਢਾਂਚੇ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਮਾਝਾ, ਦੁਆਬਾ ਤੇ ਮਾਲਵਾ ਵਰਗੇ ਖੇਤਰਾਂ 'ਤੇ ਆਧਾਰਿਤ ਟੀਮਾਂ ਬਣਾਈਆਂ ਜਾਣਗੀਆਂ। ਇਹ ਪੇਂਡੂ ਤੇ ਸ਼ਹਿਰੀ ਦੋਵਾਂ ਖੇਤਰਾਂ ਦੇ ਖਿਡਾਰੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਮਰਾਨ ਖਾਨ ਤੇ ਅਰਜੁਨ ਰਣਤੁੰਗਾ ਵਰਗੇ ਮਹਾਨ ਖਿਡਾਰੀਆਂ ਨੇ ਅਜਿਹੀਆਂ ਲੀਗਾਂ ’ਚ ਆਪਣੀ ਪਛਾਣ ਬਣਾਈ ਹੈ ਤੇ ਪੰਜਾਬ ਕ੍ਰਿਕਟ ਲੀਗ ਸੂਬੇ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਬਣਾਉਣ ’ਚ ਵੀ ਸਹਾਈ ਹੋਵੇਗੀ।
ਮੁੱਖ ਮੰਤਰੀ ਨੇ ਹੋਰਨਾਂ ਖੇਡਾਂ ਨੂੰ ਵੀ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਤੇ ਕਬੱਡੀ ਵਰਗੀਆਂ ਖੇਡਾਂ ਲਈ ਜ਼ਿਲ੍ਹਾ ਤੇ ਸੂਬਾ ਪੱਧਰੀ ਲੀਗ ਵੀ ਸ਼ੁਰੂ ਕਰਵਾਈਆਂ ਜਾਣਗੀਆਂ। ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਮੰਚ ’ਤੇ ਭਾਰਤ ਦੀ ਨੁਮਾਇੰਦਗੀ ਕਰਨ। ਮਾਨ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਬਹੁਤ ਅਮੀਰ ਹੈ ਤੇ ਸਰਕਾਰ ਇਸ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਨਵੀਂ ਪਛਾਣ ਮਿਲੇਗੀ ਤੇ ਨੌਜਵਾਨ ਊਰਜਾ ਨੂੰ ਸਹੀ ਸੇਧ ਦੇ ਕੇ ਸੂਬੇ ਨੂੰ ਨਸ਼ਾ ਮੁਕਤ ਤੇ ਸਸ਼ਕਤ ਬਣਾਇਆ ਜਾਵੇਗਾ।