ਉਦਯੋਗਪਤੀਆਂ ਤੇ ਕਾਰੋਬਾਰੀਆਂ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਡੇਰਾਬੱਸੀ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ,
Publish Date: Mon, 06 Oct 2025 10:22 PM (IST)
Updated Date: Mon, 06 Oct 2025 10:25 PM (IST)

- ਜੀਐੱਸਟੀ 2.0 ਸੁਧਾਰਾਂ ਨੂੰ ਇਤਿਹਾਸਕ ਤੇ ਦੂਰਦਰਸ਼ੀ ਦੱਸਿਆ ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਲਾਗੂ ਕੀਤੇ ਗਏ ਜੀਐੱਸਟੀ 2.0 ਸੁਧਾਰ ਖਪਤਕਾਰ-ਅਨੁਕੂਲ ਹਨ ਅਤੇ ਇੱਕ ਇਤਿਹਾਸਕ ਕਦਮ ਹੈ, ਜੋ ਉਦਯੋਗਿਕ ਵਿਕਾਸ ਨੂੰ ਉਤਸ਼ਾਹਤ ਕਰੇਗਾ। ਇਸ ਮੌਕੇ ਡੇਰਾਬੱਸੀ ਦੇ ਉਦਯੋਗਪਤੀਆਂ ਅਤੇ ਪ੍ਰਮੁੱਖ ਨਾਗਰਿਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਧੰਨਵਾਦ ਮਤਾ ਪਾਸ ਕੀਤਾ ਗਿਆ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਆਗੂ ਮਨਪ੍ਰੀਤ ਸਿੰਘ (ਬੰਨੀ) ਸੰਧੂ, ਪੰਜਾਬ ਐਗਰੋ ਇੰਡਸਟਰੀਜ਼ ਦੇ ਸਾਬਕਾ ਉਪ ਪ੍ਰਧਾਨ ਅਤੇ ਮੁਹਾਲੀ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਖਪਤਕਾਰਾਂ ਦੇ ਹਿੱਤ ਵਿਚ ਲਾਗੂ ਕੀਤੀਆਂ ਗਈਆਂ ਜੀਐੱਸਟੀ ਦਰਾਂ ਵਿਚ ਕਟੌਤੀ ਨਾਲ ਬਾਜ਼ਾਰ ਦੀ ਮੰਗ ਕਈ ਗੁਣਾ ਵਧੇਗੀ ਅਤੇ ਆਮ ਨਾਗਰਿਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਵੇਗਾ। ਐਸੋਸੀਏਸ਼ਨ ਵੱਲੋਂ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਇਹ ਸੁਧਾਰ ਨਾ ਸਿਰਫ਼ ਖਪਤਕਾਰਾਂ ਨੂੰ ਲਾਭ ਪਹੁੰਚਾਉਣਗੇ, ਸਗੋਂ ਪੰਜਾਬ ਅਤੇ ਪੂਰੇ ਦੇਸ਼ ’ਚ ਉਦਯੋਗਿਕ ਅਤੇ ਆਰਥਿਕ ਵਿਕਾਸ ਲਈ ਇੱਕ ਉਤਪ੍ਰੇਰਕ ਵੀ ਸਾਬਤ ਹੋਣਗੇ। ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਨੇ ਇਨ੍ਹਾਂ ਸੁਧਾਰਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦੀਆਂ ਪ੍ਰਗਤੀਸ਼ੀਲ ਅਤੇ ਅਗਾਂਹਵਧੂ ਆਰਥਿਕ ਨੀਤੀਆਂ ਦਾ ਪ੍ਰਤੀਕ ਦੱਸਿਆ। ਸਮਾਪਤੀ ’ਚ ਉਦਯੋਗਪਤੀਆਂ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੋਦੀ ਸਰਕਾਰ ਦਾ ਇਨ੍ਹਾਂ ਇਤਿਹਾਸਕ ਸੁਧਾਰਾਂ ਨੂੰ ਲਾਗੂ ਕਰਨ ਲਈ ਦਿਲੋਂ ਧੰਨਵਾਦ ਕਰਦੇ ਹਾਂ ਜੋ ਦੇਸ਼ ਦੀ ਆਰਥਿਕਤਾ ਨੂੰ ਇਕ ਨਵੀਂ ਦਿਸ਼ਾ ਦੇਣਗੇ।