ਕੋਟਕਪੂਰਾ ਗੋਲੀਕਾਂਡ ਮਾਮਲਾ: ਚੰਡੀਗੜ੍ਹ ਅਦਾਲਤ 'ਚ ਪਹਿਲੀ ਸੁਣਵਾਈ, ਪ੍ਰੋਸੀਕਿਊਸ਼ਨ ਤੋਂ ਮੰਗੀ ਸਟੇਟਸ ਰਿਪੋਰਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਇਸ ਮਾਮਲੇ ਦੀ ਸੁਣਵਾਈ ਕੋਟਕਪੂਰਾ ਤੋਂ ਚੰਡੀਗੜ੍ਹ ਤਬਦੀਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੇਸ ਦੀ ਸੁਣਵਾਈ ਫ਼ਰੀਦਕੋਟ ਦੀ ਵਧੀਕ ਸੈਸ਼ਨ ਅਦਾਲਤ ਵਿੱਚ ਚੱਲ ਰਹੀ ਸੀ, ਜਿਸ ਨੇ ਨਾਮਜ਼ਦ ਮੁਲਜ਼ਮਾਂ ਨੂੰ ਚੰਡੀਗੜ੍ਹ ਸੈਸ਼ਨ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
Publish Date: Mon, 01 Jun 2026 12:07 PM (IST)
Updated Date: Mon, 01 Jun 2026 12:12 PM (IST)
ਤਰੁਣ ਭਜਨੀ, ਚੰਡੀਗੜ੍ਹ। ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਪ੍ਰੋਸੀਕਿਊਸ਼ਨ ਪੱਖ ਨੂੰ ਮਾਮਲੇ ਸਬੰਧੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੁਲਜ਼ਮ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਏ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਇਸ ਮਾਮਲੇ ਦੀ ਸੁਣਵਾਈ ਕੋਟਕਪੂਰਾ ਤੋਂ ਚੰਡੀਗੜ੍ਹ ਤਬਦੀਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੇਸ ਦੀ ਸੁਣਵਾਈ ਫ਼ਰੀਦਕੋਟ ਦੀ ਵਧੀਕ ਸੈਸ਼ਨ ਅਦਾਲਤ ਵਿੱਚ ਚੱਲ ਰਹੀ ਸੀ, ਜਿਸ ਨੇ ਨਾਮਜ਼ਦ ਮੁਲਜ਼ਮਾਂ ਨੂੰ ਚੰਡੀਗੜ੍ਹ ਸੈਸ਼ਨ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਬਚਾਅ ਪੱਖ ਦੇ ਵਕੀਲ ਰਾਜੇਸ਼ ਕੁਮਾਰ ਰਾਏ ਮੁਤਾਬਕ ਅਦਾਲਤ ਨੇ ਪ੍ਰੋਸੀਕਿਊਸ਼ਨ ਨੂੰ ਸਾਰੇ ਸੰਬੰਧਿਤ ਮਾਮਲਿਆਂ ਵਿੱਚ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਜਾਂਚ ਮੁਕੰਮਲ ਹੋ ਚੁੱਕੀ ਹੈ ਜਾਂ ਹਾਲੇ ਜਾਰੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਵੀ ਇਸ ਸਬੰਧੀ ਆਪਣੀਆਂ ਲਿਖਤੀ ਦਲੀਲਾਂ ਅਤੇ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ ਅਦਾਲਤ ਵਿੱਚ ਇਸ ਮਾਮਲੇ ਦੀ ਇਹ ਪਹਿਲੀ ਸੁਣਵਾਈ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ।
ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਇਹ ਵੀ ਸਪੱਸ਼ਟ ਕਰ ਚੁੱਕੀ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਉਨ੍ਹਾਂ ਖ਼ਿਲਾਫ਼ ਕਾਰਵਾਈ ਸਮਾਪਤ ਹੋ ਚੁੱਕੀ ਹੈ।