ਔਰਤਾਂ ਨੂੰ 1500 ਤੇ 1000 ਰੁਪਏ ਦੇਣ ਦੇ ਐਲਾਨ ਦੀ ਖੁਸ਼ੀ ’ਚ ਵੰਡੇ ਲੱਡੂ
ਔਰਤਾਂ ਨੂੰ 1500 ਅਤੇ 1000 ਰੁਪਏ ਦੇਣ ਦੇ ਐਲਾਨ ਦੀ ਖੁਸ਼ੀ ਵਿਚ ਵੰਡੇ ਲੱਡੂ
Publish Date: Mon, 09 Mar 2026 09:13 PM (IST)
Updated Date: Mon, 09 Mar 2026 09:15 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੀ ਖੁਸ਼ੀ ਵਿਚ ਬਲੌਂਗੀ ਵਾਸੀਆਂ ਵੱਲੋਂ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ‘ਆਪ’ ਬਲਾਕ ਕੋਆਰਡੀਨੇਟਰ ਰੀਟਾ ਸ਼ਰਮਾ, ਐੱਸਸੀ ਵਿੰਗ ਦੇ ਬਲਾਕ ਕੋਆਰਡੀਨੇਟਰ ਸਰਬਜੀਤ ਸਿੰਘ ਰੌਕੀ ਵਾਲਮੀਕਿ ਅਤੇ ਗੁੱਡੂ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਵੀ ਮੌਜੂਦ ਰਹੀਆਂ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਵਰ੍ਹਾ 2026-27 ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰ ਕੇ ਪੇਸ਼ ਕੀਤਾ ਗਿਆ, ਜੋ ਔਰਤਾਂ ਲਈ ਇਕ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਬਜਟ ਵਿਚ ਇਹ ਪੰਜਵੀਂ ਗਾਰੰਟੀ ਪੂਰੀ ਕਰ ਕੇ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਵਿਸਾਖੀ ਦੇ ਸ਼ੁੱਭ ਦਿਹਾੜੇ ਤੋਂ ਔਰਤਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਅਤੇ ਇਹ ਰਾਸ਼ੀ ਸਿੱਧੀ ਔਰਤਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਕਵਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਬੇਸਹਾਰਾ ਮਹਿਲਾ ਪੈਨਸ਼ਨ ਜਾਂ ਦਿਵਿਆਂਗ ਪੈਨਸ਼ਨ ਸਕੀਮ ਦਾ ਲਾਭ ਲੈਣ ਵਾਲੀਆਂ ਔਰਤਾਂ ਵੀ ਇਸ ਨਵੀਂ ਸਕੀਮ ਦਾ ਲਾਭ ਲੈ ਸਕਣਗੀਆਂ।