‘ਲੁੱਖੇ’ ਵੈੱਬ ਸੀਰੀਜ਼ ਵਿਵਾਦ: ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ਸਮੇਤ ਕਿਸੇ ਵੀ ਕਾਰਵਾਈ ’ਤੇ ਲੱਗੀ ਰੋਕ
ਮਹਿਲਾਵਾਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਦਰਜ ਐੱਫ.ਆਈ.ਆਰ. ਵਿੱਚ ਫਸੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਅਗਾਂਹਵਧੂ ਜ਼ਮਾਨਤ ਯਾਚਿਕਾ ’ਤੇ ਸੁਣਵਾਈ ਕਰਦਿਆਂ ਅਗਲੇ ਹੁਕਮਾਂ ਤੱਕ ਉਹਨਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਕਾਰਵਾਈ (ਸਖ਼ਤ ਕਾਰਵਾਈ) ’ਤੇ ਰੋਕ ਲਗਾ ਦਿੱਤੀ ਹੈ।
Publish Date: Fri, 29 May 2026 12:33 PM (IST)
Updated Date: Fri, 29 May 2026 12:37 PM (IST)

ਦਯਾਨੰਦ ਸ਼ਰਮਾ, ਚੰਡੀਗੜ੍ਹ। ਮਹਿਲਾਵਾਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਦਰਜ ਐੱਫ.ਆਈ.ਆਰ. ਵਿੱਚ ਫਸੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਅਗਾਂਹਵਧੂ ਜ਼ਮਾਨਤ ਯਾਚਿਕਾ ’ਤੇ ਸੁਣਵਾਈ ਕਰਦਿਆਂ ਅਗਲੇ ਹੁਕਮਾਂ ਤੱਕ ਉਹਨਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਕਾਰਵਾਈ (ਸਖ਼ਤ ਕਾਰਵਾਈ) ’ਤੇ ਰੋਕ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਯੋਗਰਾਜ ਸਿੰਘ ਨੇ ਇਹ ਰਾਹਤ ਉਸ ਸਮੇਂ ਹਾਸਲ ਕੀਤੀ ਹੈ ਜਦੋਂ ਉਨ੍ਹਾਂ ਦੀ ਅਗਾਂਹਵਧੂ ਜ਼ਮਾਨਤ ਯਾਚਿਕਾ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਪਹਿਲਾਂ ਹੀ ਖਾਰਜ ਕੀਤੀ ਜਾ ਚੁੱਕੀ ਸੀ। ਜ਼ਿਲ੍ਹਾ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਮਾਮਲੇ ਦੇ ਤੱਥਾਂ ’ਤੇ ਮੁਢਲੇ ਵਿਚਾਰ ਤੋਂ ਬਾਅਦ ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਪ੍ਰਦਾਨ ਕਰਦੇ ਹੋਏ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਹੈ।
ਮਾਮਲੇ ਦੀ ਸ਼ੁਰੂਆਤ 14 ਮਈ ਨੂੰ ਹੋਈ ਸੀ, ਜਦੋਂ ਐਡਵੋਕੇਟ ਉੱਜਵਲ ਭਾਸਿਨ ਅਤੇ ਜਤਿਨ ਵਰਮਾ ਦੀ ਸ਼ਿਕਾਇਤ ’ਤੇ ਸੈਕਟਰ-36 ਪੁਲਿਸ ਸਟੇਸ਼ਨ, ਚੰਡੀਗੜ੍ਹ ਵਿੱਚ ਯੋਗਰਾਜ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਵੈੱਬ ਸੀਰੀਜ਼ “ਲੁੱਖੇ” ਨਾਲ ਜੁੜੀ ਇੱਕ ਵਾਇਰਲ ਵੀਡੀਓ ਕਲਿੱਪ ਵਿੱਚ ਯੋਗਰਾਜ ਸਿੰਘ ਇੱਕ ਮਹਿਲਾ ਪੁਲਿਸ ਅਧਿਕਾਰੀ ਦੇ ਸਬੰਧ ਵਿੱਚ ਅਪਮਾਨਜਨਕ ਅਤੇ ਆਪੱਤੀਜਨਕ ਟਿੱਪਣੀ ਕਰਦੇ ਦਿਖਾਈ ਦਿੱਤੇ ਸਨ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਤੋਂ ਬਾਅਦ ਵੱਖ-ਵੱਖ ਵਰਗਾਂ ਵੱਲੋਂ ਇਸ ਦੀ ਨਿਖੇਧੀ ਕੀਤੀ ਗਈ।
ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਵੀਡੀਓ ਵਿੱਚ ਕੀਤੀ ਗਈ ਟਿੱਪਣੀ ਮਹਿਲਾਵਾਂ ਦੀ ਗਰਿਮਾ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਇਸ ਨਾਲ ਸਮਾਜ ਵਿੱਚ ਮਹਿਲਾਵਾਂ ਪ੍ਰਤੀ ਗਲਤ ਸੰਦੇਸ਼ ਜਾਂਦਾ ਹੈ। ਇਸੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਤੋਂ ਹੀ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਯੋਗਰਾਜ ਸਿੰਘ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਉਨ੍ਹਾਂ ਖ਼ਿਲਾਫ਼ ਦਰਜ ਮਾਮਲਾ ਤੱਥਾਂ ਅਤੇ ਪ੍ਰਸਥਿਤੀਆਂ ਦੇ ਅਨੁਕੂਲ ਨਹੀਂ ਹੈ ਅਤੇ ਉਨ੍ਹਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਸ਼ਿਕਾਇਤਕਰਤਾਵਾਂ ਦਾ ਪੱਖ ਹੈ ਕਿ ਜਨਤਕ ਮੰਚ ’ਤੇ ਮਹਿਲਾਵਾਂ ਖ਼ਿਲਾਫ਼ ਕੀਤੀ ਗਈ ਕਥਿਤ ਟਿੱਪਣੀ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਫਿਲਹਾਲ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਯੋਗਰਾਜ ਸਿੰਘ ਨੂੰ ਅੰਤਰਿਮ ਰਾਹਤ ਮਿਲੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ’ਤੇ ਰੋਕ ਰਹੇਗੀ।