ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ
ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ
Publish Date: Mon, 16 Mar 2026 05:18 PM (IST)
Updated Date: Mon, 16 Mar 2026 05:22 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਭਾਈ ਪਵਿਤਰ ਸਿੰਘ ਜਲੰਧਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਸੁਣਾਉਂਦੇ ਹੋਏ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਨੇ ਸੰਨ 1823 ਈ. ਵਿਚ ਨੁਸ਼ਹਿਰਾ ਪੁਨੂਆ ਦੀ ਜੰਗ ਵਿਚ ਸ਼ਹਾਦਤ ਪ੍ਰਾਪਤ ਕੀਤੀ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਸ਼ਹਾਦਤ ਤੋਂ ਬਾਅਦ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਜਿਨ੍ਹਾਂ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸ਼ਹੀਦੀ ਅਸਥਾਨ ਹੈ) ਨੂੰ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਥਾਪਿਆ ਗਿਆ। ਇਸ ਤੋਂ ਇਲਾਵਾ ਭਾਈ ਸੁਖਦੇਵ ਸਿੰਘ ਲੁਧਿਆਣੇ ਵਾਲੇ, ਮੀਰੀ ਪੀਰੀ ਪੰਥਕ ਢਾਡੀ ਜਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰੇ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਕੰਵਲ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।