ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ 'ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿਚ ਯਾਤਰੀ ਫਸ ਗਏ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਲੋਕਾਂ ਨੂੰ ਇਸ ਸੰਕਟ ਦੀ ਘੜੀ ’ਚ ਇਕੱਲੇ ਛੱਡਿਆ ਨਹੀਂ ਜਾ ਸਕਦਾ। ਡਾ. ਰਵਜੋਤ ਸਿੰਘ ਨੇ ਕਿਹਾ ਪੰਜਾਬ ਦੀ ਆਬਾਦੀ ਦਾ ਇਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ’ਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾਡੇ ਬਹੁਤ ਸਾਰੇ ਐੱਨਆਰਆਈ ਭੈਣ-ਭਰਾ ਫਸ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਉਨ੍ਹਾਂ ਦੀ ਚਿੰਤਾ ਵਿੱਚ ਡੁੱਬੇ ਹਨ।
ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ 'ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿਚ ਯਾਤਰੀ ਫਸ ਗਏ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ, "ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ 'ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ। ਮੰਤਰੀ ਨੇ ਕਿਹਾ, ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਫਸੇ ਹੋਏ ਪੰਜਾਬੀਆਂ ਦੀ ਸਹਾਇਤਾ ਲਈ 24x7 ਕਾਰਜਸ਼ੀਲ ਹੈਲਪਲਾਈਨ ਸ਼ੁਰੂ ਕੀਤੀ ਜਾ ਚੁੱਕੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. 91 94787 79112 'ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ।