ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਦਿੱਤਾ ਅਸਤੀਫ਼ਾ, ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਦਹਾਕਿਆਂ ਤੋਂ ਆਪਣੀਆਂ ਜੜ੍ਹਾਂ ਜਮਾ ਕੇ ਬੈਠੇ ਭ੍ਰਿਸ਼ਟਾਚਾਰ ਵਿਰੁੱਧ ਅੰਦਰੋਂ ਅਤੇ ਬਾਹਰੋਂ ਡੱਟ ਕੇ ਲੜਾਈ ਲੜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਦਾਰੇ ਦੀ ਤਰੱਕੀ ਲਈ ਡਟ ਕੇ ਸਾਥ ਦਿੱਤਾ ਗਿਆ ।
Publish Date: Wed, 04 Mar 2026 02:06 PM (IST)
Updated Date: Wed, 04 Mar 2026 02:08 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਵੀ ਕਰ ਲਿਆ ਗਿਆ ਹੈ। ਸ਼ੇਰਗਿਲ ਵੱਲੋਂ ਇਸ ਸਬੰਧੀ ਅਧਿਕਾਰਤ ਤੌਰ ’ਤੇ ਇਕ ਪੋਸਟ ਸਾਂਝੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪੋਸਟ ਵਿਚ ਉਨ੍ਹਾਂ ਕਿਹਾ ਹੈ ਕਿ ਉਹ ਬੀਤੇ ਦਿਨ (2 ਮਾਰਚ 2026) ਤੱਕ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਵਜੋਂ ਸੇਵਾਵਾਂ ਦੇ ਰਹੇ ਸੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਾਰਟੀ ਦੇ ਹੁਕਮਾਂ ਮੁਤਾਬਕ 28 ਫਰਵਰੀ ਨੂੰ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ 2 ਮਾਰਚ ਨੂੰ ਮਨਜੂਰ ਹੋ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ 27 ਸਤੰਬਰ 2022 ਨੂੰ ਜਦੋਂ ਉਨ੍ਹਾਂ ਨੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ ਸੀ ਉਦੋਂ ਮਿਲਕਫੈੱਡ ਦੀ ਸਾਲਾਨਾ ਟਰਨ ਓਵਰ ਕਰੀਬ 4200 ਕਰੋੜ ਸੀ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਹੁਣ ਜਦੋਂ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ ਤਾਂ ਇਸ ਦੀ ਟਰਨ ਓਵਰ 6800 ਕਰੋੜ ਤੋਂ ਵੱਧ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਦਹਾਕਿਆਂ ਤੋਂ ਆਪਣੀਆਂ ਜੜ੍ਹਾਂ ਜਮਾ ਕੇ ਬੈਠੇ ਭ੍ਰਿਸ਼ਟਾਚਾਰ ਵਿਰੁੱਧ ਅੰਦਰੋਂ ਅਤੇ ਬਾਹਰੋਂ ਡੱਟ ਕੇ ਲੜਾਈ ਲੜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਦਾਰੇ ਦੀ ਤਰੱਕੀ ਲਈ ਡਟ ਕੇ ਸਾਥ ਦਿੱਤਾ ਗਿਆ ।
ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਅਦਾਰਾ ਮਿਲਕਫੈੱਡ ਵੇਰਕਾ ਨੂੰ ਤਰੱਕੀ ਦੀਆਂ ਰਾਹਾਂ ’ਤੇ ਪਹੁੰਚਾਉਣ ਲਈ ਕਿਸਾਨ, ਮਜ਼ਦੂਰ ਅਤੇ ਹਰ ਵਰਗ ਨੂੰ ਨਾਲ ਲੈ ਕੇ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ। ਇਸਦੇ ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਸੀਟੀਸੀ ਰਾਹੀਂ ਅਦਾਰੇ ਦਾ ਨਿੱਜੀਕਰਨ ਕਰਨ ਦੀ ਜੋ ਚੋਰ-ਮੋਰੀ ਖੋਲ੍ਹੀ ਗਈ ਸੀ, ਉਸਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹਿਯੋਗ ਨਾਲ ਬੰਦ ਕਰਵਾਇਆ ਗਿਆ ਹੈ।