ਵਿਧਾਇਕ ਰੰਧਾਵਾ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 442 ਲਾਭਪਾਤਰੀ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ
ਵਿਧਾਇਕ ਰੰਧਾਵਾ ਨੇ 442 ਲਾਭਪਾਤਰੀ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ
Publish Date: Fri, 28 Nov 2025 06:03 PM (IST)
Updated Date: Fri, 28 Nov 2025 06:05 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਦੁਆਰਾ ਪ੍ਰਧਾਨ ਮੰਤਰੀ ਆਵਾਸ ਯੋਜਨਾ (ਕੇਂਦਰ ਅਤੇ ਪੰਜਾਬ ਸਰਕਾਰ ਦੀ ਸਾਂਝੇਦਾਰੀ) ਸਕੀਮ ਤਹਿਤ 442 ਯੋਗ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਮਕਾਨਾਂ ਦੀ ਉਸਾਰੀ ਲਈ 11.05 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ 2.50 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਚਾਰ ਕਿਸ਼ਤਾਂ ਵਿਚ ਜਾਰੀ ਹੁੰਦੀ ਹੈ, ਜਿਸ ਵਿਚ ਪਹਿਲੀ ਕਿਸ਼ਤ 50 ਹਜ਼ਾਰ, ਦੂਜੀ ਇਕ ਲੱਖ, ਅਤੇ ਤੀਜੀ ਤੇ ਚੌਥੀ ਕਿਸ਼ਤ 50-50 ਹਜ਼ਾਰ ਰੁਪਏ ਦੀ ਹੁੰਦੀ ਹੈ। ਇਹ ਕਿਸ਼ਤਾਂ ਘਰ ਦੀ ਨੀਂਹ, ਲੈਂਟਰ, ਛੱਤ ਅਤੇ ਮੁਕੰਮਲ ਹੋਣ ਦੇ ਪੱਧਰ ਅਨੁਸਾਰ ਜਾਰੀ ਕੀਤੀਆਂ ਜਾਂਦੀਆਂ ਹਨ। ਵਿਧਾਇਕ ਰੰਧਾਵਾ ਨੇ ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਆਪਣਾ ਪੱਕਾ ਘਰ ਮਿਲੇਗਾ, ਜੋ ਕਿ ਉਨ੍ਹਾਂ ਦੇ ਜੀਵਨ ਵਿਚ ਸੁਰੱਖਿਆ, ਮਾਣ ਅਤੇ ਸੁਖ-ਸਹੂਲਤਾਂ ਦਾ ਅਹਿਸਾਸ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਂਦਰ ਤੇ ਰਾਜ ਸਰਕਾਰਾਂ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਗਰੀਬ ਅਤੇ ਨੀਵੇਂ ਆਮਦਨ ਵਰਗ ਦੇ ਲੋਕਾਂ ਨੂੰ ਆਪਣੀ ਛੱਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਦਾ ਸਪੱਸ਼ਟ ਸਿਧਾਂਤ ਹੈ ਕਿ ਕਿਸੇ ਵੀ ਮੁਸੀਬਤ ਦੇ ਸਮੇਂ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ। ਅੱਜ ਜਿਨ੍ਹਾਂ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਦਿੱਤੇ ਗਏ ਹਨ, ਇਹ ਕੇਵਲ ਇਕ ਕਾਗ਼ਜ਼ ਨਹੀਂ, ਸਗੋਂ ਉਨ੍ਹਾਂ ਦੇ ਜੀਵਨ ਵਿਚ ਨਵੀਂ ਸ਼ੁਰੂਆਤ ਦੀ ਆਸ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਕਦਮ ਉਠਾਏ ਜਾ ਰਹੇ ਹਨ, ਸਾਡਾ ਮਕਸਦ ਲੋਕਾਂ ਦੇ ਚਿਹਰਿਆਂ ’ਤੇ ਮੁੜ ਮੁਸਕਾਨ ਲਿਆਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਘਰ ਨੂੰ ਛੱਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਸਮਾਜ ਦੇ ਪਿੱਛੜੇ ਤੇ ਜ਼ਰੂਰਤਮੰਦ ਵਰਗਾਂ ਦੇ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਣ ਕਦਮ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਈਓ ਅਸ਼ੋਕ ਪਥਰੀਆ ਸਮੇਤ ਨਗਰ ਕੌਂਸਲ ਲਾਲੜੂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।