ਵਿਧਾਇਕ ਨੇ ਟਰਾਂਸਪੋਰਟਰਾਂ ਦੀਆਂ ਮੰਗਾਂ ਦਾ ਮੁੱਦਾ ਸਦਨ ’ਚ ਚੁੱਕਿਆ
ਵਿਧਾਇਕ ਰੰਧਾਵਾ ਨੇ ਟਰਾਂਸਪੋਰਟਰਾਂ ਦੀਆਂ ਮੰਗਾਂ ਦਾ ਮੁੱਦਾ ਸਦਨ ਵਿਚ ਚੁੱਕਿਆ
Publish Date: Mon, 09 Mar 2026 08:26 PM (IST)
Updated Date: Mon, 09 Mar 2026 08:30 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਡੇਰਾਬੱਸੀ ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਟਰਾਂਸਪੋਰਟਰ ਭਾਈਚਾਰੇ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਦਿਵਾਇਆ। ਧਿਆਨ ਦਿਵਾਊ ਨੋਟਿਸ ਰਾਹੀਂ ਉਨ੍ਹਾਂ ਮਾਣਯੋਗ ਸਪੀਕਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਤੇ ਵਿੱਤ ਮੰਤਰੀ ਦਾ ਧਿਆਨ ਇਸ ਗੱਲ ਵੱਲ ਦਿਵਾਇਆ ਕਿ ਸਰਕਾਰ ਬਣਨ ਤੋਂ ਪਹਿਲਾਂ ਟਰਾਂਸਪੋਰਟਰ ਭਾਈਚਾਰੇ ਨਾਲ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਹਾਲੇ ਤਕ ਉਨ੍ਹਾਂ ਦੀਆਂ ਕਈ ਮਹੱਤਵਪੂਰਨ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਟਰਾਂਸਪੋਰਟਰ ਭਾਈਚਾਰੇ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਟਰਾਂਸਪੋਰਟਰ ਸੂਬੇ ਦੀ ਆਰਥਿਕਤਾ ਅਤੇ ਵਪਾਰਕ ਸਰਗਰਮੀਆਂ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਪਰ ਕਈ ਮੁੱਦੇ ਲੰਬੇ ਸਮੇਂ ਤੋਂ ਹੱਲ ਦੀ ਉਡੀਕ ਕਰ ਰਹੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਟਰਾਂਸਪੋਰਟਰ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਸਦਨ ਵਿਚ ਕਿਹਾ ਕਿ ਟਰਾਂਸਪੋਰਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਹੋਣ ਨਾਲ ਨਾ ਸਿਰਫ਼ ਇਸ ਵਰਗ ਨੂੰ ਰਾਹਤ ਮਿਲੇਗੀ, ਸਗੋਂ ਸੂਬੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਵਿਧਾਇਕ ਰੰਧਾਵਾ ਨੇ ਮੰਗ ਕੀਤੀ ਕਿ ਟਰਾਂਸਪੋਰਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਵੇਖਦਿਆਂ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਟਰਾਂਸਪੋਰਟਰ ਭਾਈਚਾਰੇ ਨੂੰ ਰਾਹਤ ਮਿਲ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਹੀ ਹਲਕੇ ਦੇ ਲੋਕਾਂ ਅਤੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਨੂੰ ਸਦਨ ਵਿਚ ਉਠਾਉਂਦੇ ਰਹਿਣਗੇ ਅਤੇ ਉਨ੍ਹਾਂ ਦੇ ਹੱਲ ਲਈ ਵਚਨਬੱਧ ਹਨ।