ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜ਼ਿਲ੍ਹਾ ਐੱਸਏਐੱਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਬਲਜਿੰਦਰ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜ਼ਿਲ੍ਹਾ ਐੱਸਏਐੱਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਬਲਜਿੰਦਰ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐੱਸਏਐੱਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏਐੱਸਆਈ ਉਸ ਵਿਰੁੱਧ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਥਾਣਾ ਲਾਲੜੂ ਵਿਖੇ ਦਰਜ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਉਸ ਨੇ ਉਸ ਕੋਲੋਂ 1,30,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਤੋਂ ਇਹ ਰਿਸ਼ਵਤ ਜਾਂਚ ਵਿਚ ਉਸਦਾ ਪੱਖ ਲੈਣ ਬਦਲੇ ਮੰਗੀ ਗਈ ਹੈ, ਜਿਸ ਵਿਚ ਪੁਲਿਸ ਰਿਮਾਂਡ ਦੌਰਾਨ 10,00,000 ਰੁਪਏ ਦੀ ਠੱਗੀ ਵਾਲੀ ਰਕਮ ਦੀ ਵਸੂਲੀ ਤੋਂ ਬਚਾਉਣਾ, ਭਵਿੱਖੀ ਜਾਂਚ ਵਿਚ ਨਰਮੀ ਵਰਤਣਾ ਅਤੇ ਉਕਤ ਪੁਲਿਸ ਮੁਲਾਜ਼ਮ ਦੁਆਰਾ ਕਬਜ਼ੇ ਵਿਚ ਲਈ ਗਈ, ਪਰ ਰਿਕਾਰਡ 'ਚ ਦਰਜ ਨਾ ਕੀਤੀ, ਸ਼ਿਕਾਇਤਕਰਤਾ ਦੀ ਕਾਰ ਨੂੰ ਛੱਡਣਾ ਸ਼ਾਮਲ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਮੁਲਜ਼ਮ ਕਰਮਚਾਰੀ ਵੱਲੋਂ ਰਿਸ਼ਵਤ ਦੀ ਕੁੱਲ ਰਕਮ ਵਿਚੋਂ ਪਹਿਲੀ ਕਿਸ਼ਤ ਵਜੋਂ 30 ਹਜ਼ਾਰ ਰੁਪਏ ਤੁਰੰਤ ਅਦਾ ਕਰਨ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਰਮਚਾਰੀ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਫੜਨ ਲਈ ਟੀਮ ਦਾ ਗਠਨ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਯੋਜਨਾ ਅਨੁਸਾਰ, ਮੁਲਜ਼ਮ ਏਐੱਸਆਈ ਨੇ ਸ਼ਿਕਾਇਤਕਰਤਾ ਨੂੰ ਲਾਲੜੂ ਦੇ ਨੈਸ਼ਨਲ ਹਾਈਵੇ 'ਤੇ ਸਥਿਤ ਪੰਜਾਬੀ ਵੈਸ਼ਨੋ ਢਾਬੇ 'ਤੇ ਮਿਲਣ ਲਈ ਬੁਲਾਇਆ, ਜਿਥੇ ਉਹ ਆਪਣੀ ਨਿੱਜੀ ਗੱਡੀ ਵਿਚ ਪਹੁੰਚਿਆ। ਇਸ ਮੌਕੇ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।