Mohali News : ਸੱਤ ਮਹੀਨੇ ਦੀ ਗਰਭਵਤੀ ਨੇ ਭੇਤਭਰੀ ਹਾਲਤ 'ਚ ਕੀਤੀ ਖ਼ੁਦਕੁਸ਼ੀ, ਪਤੀ ਖ਼ਿਲਾਫ਼ ਮਾਮਲਾ ਦਰਜ
ਡੇਰਾਬੱਸੀ ਗੁਰਬਖਸ਼ ਕਾਲੋਨੀ ਦੀ ਰਹਿਣ ਵਾਲੀ ਇਕ 27 ਸਾਲਾ ਵਿਆਹੁਤਾ ਔਰਤ ਨੇ ਭੇਤਭਰੀ ਹਾਲਤ ਵਿਚ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਦੀਪੀਕਾ ਵਾਸੀ ਗੁਰਬਖਸ਼ ਕਾਲੋਨੀ ਡੇਰਾਬੱਸੀ ਵਜੋਂ ਹੋਈ ਹੈ, ਜੋਕਿ ਸੱਤ ਮਹੀਨੇ ਦੀ ਗਰਭਵਤੀ ਸੀ।
Publish Date: Thu, 18 Sep 2025 09:16 PM (IST)
Updated Date: Thu, 18 Sep 2025 09:18 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਗੁਰਬਖਸ਼ ਕਾਲੋਨੀ ਦੀ ਰਹਿਣ ਵਾਲੀ ਇਕ 27 ਸਾਲਾ ਵਿਆਹੁਤਾ ਔਰਤ ਨੇ ਭੇਤਭਰੀ ਹਾਲਤ ਵਿਚ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਦੀਪੀਕਾ ਵਾਸੀ ਗੁਰਬਖਸ਼ ਕਾਲੋਨੀ ਡੇਰਾਬੱਸੀ ਵਜੋਂ ਹੋਈ ਹੈ, ਜੋਕਿ ਸੱਤ ਮਹੀਨੇ ਦੀ ਗਰਭਵਤੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੀਪੀਕਾ ਦਾ ਵਿਆਹ ਅਮਿਤ ਕੁਮਾਰ ਨਾਲ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਪਤੀ ਉਸ ਨੂੰ ਤੰਗ-ਪਰੇਸ਼ਾਨ ਕਰਦਾ ਸੀ ਅਤੇ ਦਾਜ ਲਈ ਤੰਗ ਕਰਦਾ ਸੀ। ਉਨ੍ਹਾਂ ਨੇ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਫ਼ਾਇਦਾ ਨਹੀਂ ਹੋਇਆ। ਮ੍ਰਿਤਕ ਦੀਪੀਕਾ ਨੇ ਕਈ ਵਾਰ ਆਪਣੇ ਪੇਕੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਵਾਰ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਹਾਲਾਤ ਨਹੀਂ ਸੁਧਰੇ।
ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਅਮਿਤ ਕੁਮਾਰ ਖ਼ਿਲਾਫ਼ ਧਾਰਾ 108 ਬੀਐੱਨਐੱਸ (ਖ਼ੁਦਕੁਸ਼ੀ ਲਈ ਉਕਸਾਉਣ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮ੍ਰਿਤਕਾ ਦੇ ਪਤੀ ਅਮਿਤ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਡੇਰਾਬੱਸੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।