Mohali News : ਐਰੋਸਿਟੀ ਇਲਾਕੇ ਵਿਚ ਬੇਅਦਬੀ ਦੀ ਮੰਦਭਾਗੀ ਘਟਨਾ, ਏਅਰਪੋਰਟ ਰੋਡ 'ਤੇ ਖਿੰਡੇ ਮਿਲੇ ਗੁਟਕਾ ਸਾਹਿਬ ਦੇ ਅੰਗ
ਜ਼ੀਰਕਪੁਰ ਦੇ ਐਰੋਸਿਟੀ ਖੇਤਰ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਏਅਰਪੋਰਟ ਰੋਡ 'ਤੇ ਪਾਵਨ ਗੁਟਕਾ ਸਾਹਿਬ ਦੇ ਅੰਗ ਬਿਖ਼ਰੇ ਹੋਏ ਪਾਏ ਗਏ। ਇਸ ਘਟਨਾ ਦੀ ਖ਼ਬਰ ਫ਼ੈਲਦਿਆਂ ਹੀ ਇਲਾਕੇ ਦੇ ਲੋਕਾਂ ਅਤੇ ਸਿੱਖ ਸੰਗਤ ਵਿਚ ਭਾਰੀ ਰੋਸ ਦੀ ਲਹਿਰ ਦੌੜ ਗਈ।
Publish Date: Wed, 18 Mar 2026 08:49 PM (IST)
Updated Date: Wed, 18 Mar 2026 08:56 PM (IST)
ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਜ਼ੀਰਕਪੁਰ ਦੇ ਐਰੋਸਿਟੀ ਖੇਤਰ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਏਅਰਪੋਰਟ ਰੋਡ 'ਤੇ ਪਾਵਨ ਗੁਟਕਾ ਸਾਹਿਬ ਦੇ ਅੰਗ ਬਿਖ਼ਰੇ ਹੋਏ ਪਾਏ ਗਏ। ਇਸ ਘਟਨਾ ਦੀ ਖ਼ਬਰ ਫ਼ੈਲਦਿਆਂ ਹੀ ਇਲਾਕੇ ਦੇ ਲੋਕਾਂ ਅਤੇ ਸਿੱਖ ਸੰਗਤ ਵਿਚ ਭਾਰੀ ਰੋਸ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਐਰੋਸਿਟੀ ਦੇ ਐੱਚ-ਬਲਾਕ ਨੇੜੇ ਗੁਟਕਾ ਸਾਹਿਬ ਦੇ ਅੰਗ ਪਏ ਮਿਲੇ। ਦੇਰ ਸ਼ਾਮ ਸੈਰ ਲਈ ਨਿਕਲੇ ਕੁੱਝ ਵਿਅਕਤੀਆਂ ਨੇ ਇਨ੍ਹਾਂ ਨੂੰ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਜ਼ੀਰਕਪੁਰ ਦੇ ਥਾਣਾ ਮੁਖੀ ਸਤਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਨੇ ਦੇਰ ਰਾਤ ਤੱਕ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ। ਦੋਸ਼ੀਆਂ ਤੱਕ ਪਹੁੰਚਣ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ ਵਿਚ ਸੰਗਤ ਮੌਕੇ 'ਤੇ ਇਕੱਠੀ ਹੋ ਗਈ, ਜਿਨ੍ਹਾਂ ਨੇ ਇਸ ਘਿਨਾਉਣੀ ਹਰਕਤ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਪਾਵਨ ਗੁਟਕਾ ਸਹਿਬ ਦੇ ਅੰਗਾਂ ਨੂੰ ਮਰਿਆਦਾ ਸਹਿਤ ਗੁਰਦੁਆਰਾਂ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਜਮ੍ਹਾਂ ਕਰਵਾ ਦਿੱਤਾ ਗਿਆ ਹੈ।
''ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਤੇਜ਼ੀ ਨਾਲ ਜਾਰੀ ਹੈ। ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਕੰਮ ਕਰ ਰਹੀਆਂ ਹਨ।''
ਹਰਮਨਦੀਪ ਸਿੰਘ ਹਾਂਸ, ਐੱਸਐੱਸਪੀ ਮੁਹਾਲੀ