20 ਹਜ਼ਾਰ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ’ਚੋਂ ਬਾਹਰ ਕੱਢੇ : ਡਾ. ਬਲਬੀਰ ਸਿੰਘ
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਰੀਬ 20 ਹਜ਼ਾਰ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ 'ਚੋਂ ਬਾਹਰ ਕੱਢੇ ਗਏ: ਡਾ. ਬਲਬੀਰ ਸਿੰਘ
Publish Date: Sun, 04 Jan 2026 07:00 PM (IST)
Updated Date: Sun, 04 Jan 2026 07:02 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਣ ਤੱਕ ਕਰੀਬ 20 ਹਜ਼ਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਐਤਵਾਰ ਨੂੰ ਮੁਹਾਲੀ ਵਿਖੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਲਈ ਕਰਵਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰਾਜ ਦੇ ਕਈ ਇਲਾਕਿਆਂ ਵਿਚ ਸਥਿਤ ਨਸ਼ਾ ਮੁਕਤੀ ਕੇਂਦਰਾਂ ਵਿਚ ਹੁਣ ਨਵੇਂ ਕੇਸ ਨਹੀਂ ਆ ਰਹੇ, ਜੋ ਇਸ ਮੁਹਿੰਮ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਦੀ ਵੱਡੀ ਸਫ਼ਲਤਾ ਤੋਂ ਉਤਸ਼ਾਹਤ ਹੋ ਕੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਦੌਰਾਨ ਨਸ਼ਾ ਰੋਕਥਾਮ ਦੇ ਨਾਲ-ਨਾਲ ਸੁਧਾਰ ਅਤੇ ਪੁਨਰਵਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਵਿਚ ਰੋਲ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ, ਤਾਂ ਜੋ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਪੰਚਾਇਤਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਉਹ ਨਸ਼ਿਆਂ ਵਿਰੁੱਧ ਇਸ ਲੜਾਈ ਵਿਚ ਸਰਕਾਰ ਦੇ ਸਹਿਯੋਗੀ ਬਣਨ। ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਮੁਹਿੰਮ ਨਹੀਂ, ਸਗੋਂ ਲੋਕ ਅੰਦੋਲਨ ਹੈ, ਜਿਸ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।