ਮਹਿਲਾ ਕਾਂਗਰਸ ਦਾ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ
ਮਹਿਲਾ ਕਾਂਗਰਸ ਦਾ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ, ਪੈਟਰੋਲ-ਡੀਜ਼ਲ ਕੀਮਤਾਂ ’ਤੇ ਕੇਂਦਰ ਸਰਕਾਰ ਨੂੰ ਘੇਰਿਆ
Publish Date: Mon, 18 May 2026 07:59 PM (IST)
Updated Date: Mon, 18 May 2026 08:00 PM (IST)

- ਪੈਟਰੋਲ-ਡੀਜ਼ਲ ਕੀਮਤਾਂ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਤਰੁਣ ਭਜਨੀ, ਪੰਜਾਬੀ ਜਾਗਰਣ ਚੰਡੀਗੜ੍ਹ : ਚੰਡੀਗੜ੍ਹ ਰਾਜ ਮਹਿਲਾ ਕਾਂਗਰਸ ਨੇ ਪੈਟਰੋਲ, ਡੀਜ਼ਲ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਵਿਰੁੱਧ ਸੈਕਟਰ 38 ’ਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਚੰਡੀਗੜ੍ਹ ਰਾਜ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ਚੰਡੀਗੜ੍ਹ ਰਾਜ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਨੇ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਮਹਿਲਾ ਕਾਂਗਰਸ ਅਤੇ ਕਾਂਗਰਸ ਵਰਕਰਾਂ ਨੇ ਝੰਡੇ, ਬੈਨਰ ਅਤੇ ਤਖ਼ਤੀਆਂ ਲੈ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਿਲ ਬਣਾ ਦਿੱਤਾ ਹੈ। ਜਿਸ ਕਾਰਨ ਸਮਾਜ ਦੇ ਹਰ ਵਰਗ ਨੂੰ ਆਰਥਿਕ ਦਬਾਅ ਹੇਠ ਜਿਊਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਐੱਚਐੱਸ ਲੱਕੀ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ ’ਤੇ ਅਸਫਲ ਰਹੀ ਹੈ। ਇਸ ਮੌਕੇ ਲੱਕੀ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿ ਕਿ ਸੜਕ ਕਿਨਾਰੇ ਚਾਹ ਤੋਂ ਲੈ ਕੇ ਢਾਬਿਆਂ, ਰੈਸਟੋਰੈਂਟਾਂ ਅਤੇ ਰੋਜ਼ਾਨਾ ਖਾਣ-ਪੀਣ ਦੀਆਂ ਚੀਜ਼ਾਂ ਤੱਕ ਸਭ ਕੁਝ ਮਹਿੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਸਨ, ਤਾਂ ਕੇਂਦਰ ਸਰਕਾਰ ਨੇ ਜਨਤਾ ਨੂੰ ਕੋਈ ਰਾਹਤ ਨਹੀਂ ਦਿੱਤੀ। ਐੱਚਐੱਸ ਲੱਕੀ ਨੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਦੇਸ਼ ਦੇ ਨਾਗਰਿਕਾਂ ਨੂੰ ਵਿਦੇਸ਼ ਯਾਤਰਾ ਘਟਾਉਣ ਅਤੇ ਪੈਟਰੋਲ ਅਤੇ ਡੀਜ਼ਲ ’ਤੇ ਬੱਚਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਯਾਤਰਾਵਾਂ ਅਤੇ ਵੱਡੇ ਰੋਡ ਸ਼ੋਅ ਲਈ ਸਰਕਾਰੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕਰਦੇ ਹਨ। ਇਸ ਮੌਕੇ ਮਹਿਲਾ ਕਾਂਗਰਸ ਪ੍ਰਧਾਨ ਨੰਦਿਤਾ ਹੁੱਡਾ ਨੇ ਕਿਹਾ ਕਿ ਵਧਦੀ ਮਹਿੰਗਾਈ ਦੇਸ਼ ਦੀਆਂ ਔਰਤਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਰਹੀ ਹੈ। ਇੱਕ ਘਰੇਲੂ ਔਰਤ ਪੂਰੇ ਪਰਿਵਾਰ ਦੀ ਰਸੋਈ ਅਤੇ ਘਰੇਲੂ ਖਰਚਿਆਂ ਦਾ ਪ੍ਰਬੰਧਨ ਕਰਦੀ ਹੈ, ਪਰ ਅੱਜ ਮੱਧ ਵਰਗ ਅਤੇ ਆਮ ਪਰਿਵਾਰਾਂ ਲਈ ਸਥਿਤੀ ਬਹੁਤ ਮੁਸ਼ਕਿਲ ਹੋ ਗਈ ਹੈ। ਇਸ ਮੌਕੇ ਪ੍ਰਵੀਨ ਸ਼ਰਮਾ, ਟੀਟੂ, ਵਿਕਟਰ ਸਿੱਧੂ, ਗੁਰਚਰਨ, ਪ੍ਰਿੰਸ, ਮਹਿਲਾ ਕਾਂਗਰਸ ਆਗੂ ਰਿਤੂ ਛਾਬੜਾ, ਕੁਲਜੀਤ ਕੌਰ ਸੋਨੀਆ, ਸੁਮਨ ਲਤਾ, ਮਮਤਾ ਡੋਗਰਾ, ਰਾਣੋ ਦੇਵੀ, ਮਮਤਾ ਰਾਣਾ, ਰਜਨੀ ਤਲਵਾਰ, ਲਲਿਤਾ, ਬਬੀਤਾ, ਮਧੂ ਗੁਪਤਾ, ਰਾਜਰਾਣੀ, ਓਮ ਲਤਾ, ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਥਾਨਕ ਔਰਤਾਂ ਮੌਜੂਦ ਸਨ।