ਪੰਜਾਬ ਦੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਮੁਲਾਕਾਤ
Publish Date: Tue, 26 May 2026 09:10 PM (IST)
Updated Date: Wed, 27 May 2026 04:11 AM (IST)

ਕਿਸਾਨੀ ਮੁੱਦਿਆਂ ’ਤੇ ਹੋਈ ਵਿਸਥਾਰਪੂਰਵਕ ਚਰਚਾ ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਦੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਖੇਤੀਬਾੜੀ ਪ੍ਰਣਾਲੀ ਅਤੇ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਦੋਆਬਾ ਕਿਸਾਨ ਯੂਨੀਅਨ, ਕਿਸਾਨ ਬਚਾਓ ਮੋਰਚਾ ਅਤੇ ਕੰਬੋਜ ਬਿਰਾਦਰੀ ਦੇ ਮੈਂਬਰ ਸ਼ਾਮਲ ਸਨ। ਵਫ਼ਦ ਨੇ ਪੰਜਾਬ ਵਿਚ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ। ਇਸ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਭਾਜਪਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਕਿਸਾਨ-ਹਿਤੈਸ਼ੀ ਨੀਤੀਆਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਹਰਿਆਣਾ ਵਿਚ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਯਕੀਨੀ ਬਣਾ ਰਹੀ ਹੈ। ਇਸ ਦੇ ਨਾਲ-ਨਾਲ ਕੁਦਰਤੀ ਆਫ਼ਤ ਜਾਂ ਫਸਲ ਖਰਾਬ ਹੋਣ ਦੀ ਸਥਿਤੀ ਵਿਚ ਕਿਸਾਨਾਂ ਨੂੰ ਸਮੇਂ-ਸਮੇਂ ’ਤੇ ਮੁਆਵਜ਼ਾ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀਆਂ ਵਿਵਸਥਾਵਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਯਕੀਨੀ ਹੋ ਸਕੇ ਅਤੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ। ਸੈਣੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦਾ ਹਿੱਤ ਭਾਰਤੀ ਜਨਤਾ ਪਾਰਟੀ ਸਰਕਾਰ ਦੀਆਂ ਤਰਜੀਹਾਂ ਵਿਚ ਹਮੇਸ਼ਾਂ ਸ਼ਾਮਲ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਵਫ਼ਦ ਵਿੱਚ ਦੋਆਬਾ ਕਿਸਾਨ ਯੂਨੀਅਨ (ਡੀਕੇਯੂ) ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਬਾਜੀਦਪੁਰ, ਜਨਰਲ ਸਕੱਤਰ ਕੁਲਦੀਪ ਸਿੰਘ ਦਯਾਲਾ, ਯੂਥ ਪ੍ਰਧਾਨ ਜਸਕਰਨ ਸਿੰਘ, ਕਿਸਾਨ ਬਚਾਓ ਮੋਰਚਾ ਦੇ ਪ੍ਰਧਾਨ ਕਿਰਪਾ ਸਿੰਘ ਨੱਥੂਵਾਲਾ, ਜਨਰਲ ਸਕੱਤਰ ਗੋਮਾ ਸਿੰਘ, ਉਪ ਪ੍ਰਧਾਨ ਬੇਅੰਤ ਸਿੰਘ, ਚੇਅਰਪਰਸਨ ਸਲਿੰਦਰ ਕੌਰ, ਸਾਬਕਾ ਚੇਅਰਮੈਨ ਜਰਨੈਲ ਸਿੰਘ ਸੰਧਾ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਸ਼ਾਮਲ ਸਨ।