ਜਿੱਥੇ ਇਸ ਪ੍ਰਣਾਲੀ ਦਾ ਮਕਸਦ ਸਕੂਲਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਜ਼ਮੀਨੀ ਹਕੀਕਤ ਵਿਚ ਅਧਿਆਪਕਾਂ ਨੂੰ ਕਈ ਤਕਨੀਕੀ ਅਤੇ ਪ੍ਰਬੰਧਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਰਕਾਰੀ ਸਕੂਲਾਂ ਵਿਚ ਐੱਮ ਸਟਾਰ ਈ ਪੰਜਾਬ ਰਾਹੀਂ ਲਾਗੂ ਕੀਤੀ ਜਾ ਰਹੀ ਆਨਲਾਈਨ ਹਾਜ਼ਰੀ ਪ੍ਰਣਾਲੀ ਜਿੱਥੇ ਅਧਿਆਪਕਾਂ ਲਈ ਸਿਰਦਰਦ ਬਣਦੀ ਜਾ ਰਹੀ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਕੀਮਤੀ ਸਮੇਂ ਨੂੰ ਘਟਾ ਰਹੀ ਹੈ। ਜਿੱਥੇ ਇਸ ਪ੍ਰਣਾਲੀ ਦਾ ਮਕਸਦ ਸਕੂਲਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਜ਼ਮੀਨੀ ਹਕੀਕਤ ਵਿਚ ਅਧਿਆਪਕਾਂ ਨੂੰ ਕਈ ਤਕਨੀਕੀ ਅਤੇ ਪ੍ਰਬੰਧਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਐੱਮ ਸਟਾਰ ਈ ਪੰਜਾਬ ਨਾਂ ਦੇ ਐਪ ਨੂੰ ਸਿੱਖਿਆ ਵਿਭਾਗ ਨੇ ਹਿਤਾਚੀ ਨਾਂ ਦੀ ਨਿੱਜੀ ਕੰਪਨੀ ਨਾਲ ਮਿਲ ਕੇ ਬਣਾਇਆ ਹੈ। ਇਸ ਮੋਬਾਈਲ ਐਪ ਰਾਹੀਂ ਹਰ ਰੋਜ਼ ਨਿਯਤ ਸਮੇਂ ਵਿਚ ਹਾਜ਼ਰੀ ਲਾਉਣ ਦੀ ਜ਼ਿੰਮੇਵਾਰੀ ਅਧਿਆਪਕਾਂ ਲਈ ਵੱਡੀ ਚੁਣੌਤੀ ਬਣ ਗਈ ਹੈ। ਸਾਰੇ ਸੂਬੇ ਅੰਦਰ ਇੱਕੋ ਸਮੇਂ ਐਪ ਚੱਲਣ ਕਾਰਨ ਸਰਵਰ ਬਿਜ਼ੀ ਹੋ ਜਾਂਦਾ ਹੈ ਅਤੇ ਹਾਜ਼ਰੀ ਨਹੀਂ ਲੱਗਦੀ, ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਅਧਿਆਪਕ ਸਕੂਲ ਵਿਚ ਸਮੇਂ ਸਿਰ ਹਾਜ਼ਰ ਹੋ ਜਾਂਦੇ ਹਨ ਤਾਂ ਬਾਅਦ ਵਿਚ ਇਹ ਅਧਿਆਪਕਾਂ ਨੂੰ ਆਪਣੇ ਆਪ ਹੀ ਗੈਰ ਹਾਜ਼ਰ ਕਰ ਦਿੰਦਾ ਹੈ ਅਤੇ ਫਿਰ ਤੋਂ ਹਾਜ਼ਰ ਹੋਣ ਲਈ ਮਜ਼ਬੂਰ ਕਰਦਾ ਹੈ। ਅਧਿਆਪਕਾਂ ਨੇ ਦੱਸਿਆ ਕਿ ਪਿੰਡਾਂ ਵਿਚ ਇੰਟਰਨੈੱਟ ਦੀ ਗਤੀ ਬਹੁਤ ਹੀ ਧੀਮੀ ਹੈ ਜਾਂ ਕਈ ਵਾਰ ਨੈੱਟਵਰਕ ਹੀ ਉਪਲਬਧ ਨਹੀਂ ਹੁੰਦਾ। ਇਸ ਕਾਰਨ ਅਨੇਕਾਂ ਅਧਿਆਪਕ ਸਮੇਂ ਸਿਰ ਹਾਜ਼ਰੀ ਦਰਜ ਨਹੀਂ ਕਰ ਪਾਉਂਦੇ।
ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਮੇਂ ਤੇ ਈ ਪੰਜਾਬ, ਆਈ ਐੱਚ ਆਰ ਐੱਮ ਐੱਸ, ਦੀਕਸ਼ਾ, ਪੰਜਾਬ ਐਡੂਕੇਅਰ, ਪਰਸਸ਼ਤ ਐਪ ਆਦਿ ਇੰਸਟਾਲ ਕਰਨ ਦੇ ਹੁਕਮ ਦਿੱਤੇ ਜਾਂਦੇ ਰਹਿੰਦੇ ਹਨ, ਇਨ੍ਹਾਂ ਐਪਾਂ ਰਾਹੀਂ ਵੱਖ ਵੱਖ ਕਿਸਮਾਂ ਦੀਆਂ ਜਾਣਕਾਰੀਆਂ ਮੰਗੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਹਰ ਰੋਜ਼ ਕੋਈ ਨਾ ਕੋਈ ਗੂਗਲ ਸ਼ੀਟ ਭਰਨ ਦੇ ਹੁਕਮ ਦਿੱਤੇ ਜਾਂਦੇ ਹਨ ਜਿਨ੍ਹਾਂ ਨੂੰ ਅਧਿਆਪਕਾਂ ਦੁਆਰਾ ਭਰਿਆ ਜਾਂਦਾ ਹੈ। ਇਨ੍ਹਾਂ ਐਪਾਂ ਤੇ ਗੂਗਲ ਸ਼ੀਟਾਂ ਰਾਹੀਂ ਡਾਟਾ ਇਕੱਠੇ ਕਰਨ ਦੀ ਨੀਤੀ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਅਸਲ ਕੰਮ ਪੜ੍ਹਾਉਣ ਨੂੰ ਛਡਾ ਕੇ ਉਨ੍ਹਾਂ ਨੂੰ ਡਾਟਾ ਐਂਟਰੀ ਆਪ੍ਰੇਟਰ ਬਣਾ ਦਿੱਤਾ ਹੈ, ਜਿਸ ਦਾ ਅੰਤਿਮ ਨੁਕਸਾਨ ਵਿਦਿਆਰਥੀਆਂ ਨੂੰ ਸਹਿਣਾ ਪੈ ਰਿਹਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪਹਿਲਾਂ ਤੋਂ ਚੱਲ ਰਹੇ ਈ ਪੰਜਾਬ ਪੋਰਟਲ ਨੂੰ ਬੰਦ ਕਰਨ ਵੱਲ ਵਧਿਆ ਜਾ ਰਿਹਾ ਹੈ। ਅਧਿਆਪਕਾਂ ਨੇ ਇਸ ਪੋਰਟਲ ’ਤੇ ਕੰਮ ਕਰਨ ਵਿਚ ਮੁਹਾਰਤ ਹਾਸਲ ਕਰ ਲਈ ਸੀ ਪਰ ਨਵੇਂ ਪੋਰਟਲ ਦੇ ਅਤਿ ਗੁੰਝਲਦਾਰ ਹੋਣ ਕਾਰਣ ਸਮੇਂ ਦੀ ਵਧੇਰੇ ਬਰਬਾਦੀ ਹੋ ਰਹੀ ਹੈ। ਨਵੇਂ ਪੋਰਟਲ ’ਤੇ ਸਾਰੇ ਵਿਦਿਆਰਥੀਆਂ ਦੇ ਦਾਖਲਾ ਨੰਬਰ ਬਦਲ ਦਿੱਤੇ ਗਏ ਹਨ ਜਿਸ ਕਾਰਨ ਅਧਿਆਪਕਾਂ ਨੂੰ ਉਹ ਨੰਬਰ ਦੁਰੱਸਤ ਕਰਨੇ ਪੈ ਰਹੇ ਹਨ। ਪੋਰਟਲ ਦੀ ਹੌਲ਼ੀ ਗਤੀ ਹੋਣ ਕਾਰਣ ਪਹਿਲੀ, ਛੇਵੀਂ, ਨੌਂਵੀਂ, ਗਿਆਰਵੀਂ ਜਮਾਤ ਦੇ ਨਵੇਂ ਹੋਏ ਦਾਖਲਿਆਂ ਦੇ ਇੰਦਰਾਜ਼ ਨਹੀਂ ਹੋ ਪਾਏ ਹਨ। ਪੋਰਟਲ ਦੀ ਹੌਲ਼ੀ ਗਤੀ ਕਾਰਨ ਅਧਿਆਪਕਾਂ ਦਾ ਘੰਟਿਆਂ ਬੱਧੀ ਸਮਾਂ ਮੋਬਾਇਲ ਜਾਂ ਕੰਪਿਊਟਰ ਸਕਰੀਨ ਸਾਹਮਣੇ ਗੁਜ਼ਰ ਰਿਹਾ ਹੈ।
ਅਧਿਆਪਕ ਆਗੂਆਂ ਨੇ ਕਿਹਾ ਕਿ ਭਾਵੇਂ ਡੀਟੀਐੱਫ ਤਕਨੀਕ ਦੀ ਵਰਤੋਂ ਦੇ ਪੱਖ ਵਿਚ ਹੈ ਪਰ ਵਿਭਾਗ ਵੱਲੋਂ ਇਸ ਦੀ ਅਤਿ ਵਰਤੋਂ ਕਾਰਨ ਅਧਿਆਪਕਾਂ ਨੂੰ ਵਿਦਿਆਰਥੀਆਂ ਤੋਂ ਦੂਰ ਕਰਨਾ ਹਰਗਿਜ਼ ਸਹੀ ਨਹੀਂ ਹੈ। ਉਨ੍ਹਾਂ ਵਿਭਾਗ ਪਾਸੋਂ ਮੰਗ ਕੀਤੀ ਕਿ ਵਿਭਾਗ ਨਿੱਤ ਨਵੇਂ ਤਜਰਬੇ ਕਰਨੇ ਬੰਦ ਕਰੇ, ਅੰਕੜਿਆਂ ਦੀ ਪ੍ਰਾਪਤੀ ਲਈ ਹਰ ਸਕੂਲ ਵਿਖੇ ਡਾਟਾ ਐਂਟਰੀ ਆਪ੍ਰੇਟਰ ਦੀ ਅਸਾਮੀ ਦੇਵੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਮੁੱਖ ਕੰਮ ਸਿੱਖਿਆ ਦੇਣ ਲਈ ਸਮਾਂ ਦੇਵੇ ਅਤੇ ਐਪਾਂ ਅਤੇ ਗੂਗਲ ਸ਼ੀਟਾਂ ਤੋਂ ਦੂਰ ਰੱਖੇ।