ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਉਮੀਦ ਤੋਂ ਉਲਟ ਸੀਟਾਂ ਮਿਲਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਮੀਦਵਾਰਾਂ, ਵਿਧਾਇਕਾਂ ਤੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਜੈ ਸਿੰਘ ਛਿੱਬਰ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਉਮੀਦ ਤੋਂ ਉਲਟ ਸੀਟਾਂ ਮਿਲਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਮੀਦਵਾਰਾਂ, ਵਿਧਾਇਕਾਂ ਤੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਲੋਕ ਸਭਾ ਹਲਕਾ ਲੁਧਿਆਣਾ ਤੇ ਜਲੰਧਰ ਵਿਚ ਪਾਰਟੀ ਦੀ ਹੋਈ ਹਾਰ ਬਾਰੇ ਪਾਰਟੀ ਵਰਕਰਾਂ, ਵਿਧਾਇਕਾਂ ਤੇ ਉਮੀਦਵਾਰਾਂ ਨਾਲ ਮੀਟਿੰਗ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਜਲੰਧਰ ਵਿਚ ਡੇਰਾ ਬੱਲਾਂ ਦਾ ਜਿੱਥੇ ਅਸਰ ਰਿਹਾ ਹੈ, ਉਥੇ ਲੋਕਾਂ ਨੇ ਕੌਮੀ ਪੱਧਰ ’ਤੇ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਨੂੰ ਚੁਣਿਆ। ਹਾਲਾਂਕਿ ਆਮ ਆਦਮੀ ਪਾਰਟੀ ਕੌਮੀ ਪੱਧਰ ’ਤੇ ‘ਇੰਡੀਆ’ ਗੱਠਜੋੜ ਦਾ ਹਿੱਸਾ ਹੈ ਪਰ ਵੋਟਰਾਂ ਨੇ ‘ਆਪ’ ਦੀ ਬਜਾਏ ਸਿੱਧੀ ਕਾਂਗਰਸ ਨੂੰ ਵੋਟ ਦਿੱਤੀ ਹੈ। ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲੋਕ ਮਹਿਸੂਸ ਕਰ ਰਹੇ ਸਨ ਕਿ ਕੌਮੀ ਪੱਧਰ ’ਤੇ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚ ਹੈ। ਇਸੇ ਤਰ੍ਹਾਂ ਵਿਦੇਸ਼ਾਂ ਵਿਚ ਬੈਠੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਇਕ ਹੋਰ ਮੌਕਾ ਦੇਣ ਲਈ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਉਣ ਵਿਚ ਭੂਮਿਕਾ ਨਿਭਾਈ ਹੈ ਕਿਉਕਿ ਉਹ ਮਹਿਸੂਸ ਕਰ ਰਹੇ ਸਨ ਕਿ ਚੰਨੀ ਨੂੰ ਬਤੌਰ ਮੁੱਖ ਮੰਤਰੀ ਪੂਰਾ ਕਾਰਜਕਾਲ ਨਹੀਂ ਮਿਲਿਆ ਅਤੇ ਜਾਣਬੁੱਝ ਕੇ ਉਨ੍ਹਾਂ ਨੂੰ ਹਰਾ ਦਿੱਤਾ ਗਿਆ ਹੈ। ਇਸ ਕਰ ਕੇ ਦਲਿਤ ਭਾਈਚਾਰੇ ਨੇ ਚੰਨੀ ਨੂੰ ਵੱਡੇ ਫਰਕ ਨਾਲ ਜਿਤਾ ਕੇ ਉਨ੍ਹਾਂ ਦਾ ਉਲਾਂਭਾ ਲਾਹਿਆ ਹੈ।
ਇਸੇ ਤਰ੍ਹਾਂ ਲੁਧਿਆਣਾ ਸੀਟ ’ਤੇ ਚਰਚਾ ਦੌਰਾਨ ਵੀ ਰਾਮ ਮੰਦਰ ਦਾ ਮੁੱਦਾ ਭਾਰੂ ਹੋਣ ਦੇ ਨਾਲ-ਨਾਲ ਪੁਰਾਣੇ ਵਲੰਟੀਅਰਜ਼ ਨੂੰ ਅਣਦੇਖਾ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਦੱਸਿਆ ਜਾਂਦਾ ਹੈ ਕਿ ਕਈ ਆਗੂਆਂ ਨੇ ਕਿਹਾ ਕਿ ਚੋਣਾਂ ਵਿਚ ਨਵੇਂ-ਨਵੇਂ ਆਗੂਆਂ ਅਤੇ ਲੋਕਾਂ ਨੂੰ ਨਾਲ ਜੋੜਿਆ ਗਿਆ ਪਰ ਪੁਰਾਣੇ ਵਲੰਟੀਅਰਜ਼ ਦੀ ਕਿਤੇ ਕੋਈ ਸੁਣਵਾਈ ਨਹੀਂ ਹੋਈ। ਇਸੇ ਤਰ੍ਹਾਂ ਪਿਛਲੀਆਂ ਮੀਟਿੰਗਾਂ ਵਾਂਗ ਬੇਲਗਾਮ ਅਫ਼ਸਰਸ਼ਾਹੀ ਅਤੇ ਦਲਿਤ ਵਰਗ ਦੀ ਅਣਦੇਖੀ ਦੀ ਗੱਲ ਵੀ ਸਾਹਮਣੇ ਆਈ ਹੈ।
ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ : ਭਗਵੰਤ ਮਾਨ
ਉਧਰ ਪਾਰਟੀ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੋਵਾਂ ਲੋਕ ਸਭਾ ਹਲਕਿਆਂ ਵਿਚ ਕਾਫ਼ੀ ਬਿਹਤਰ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਹੇਠਲੇ ਪੱਧਰ ’ਤੇ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ।
ਜ਼ਿਮਨੀ ਚੋਣ ਜਿੱਤਣ ਲਈ ਜ਼ਮੀਨੀ ਪੱਧਰ ’ਤੇ ਕਰੋ ਸਖ਼ਤ ਮਿਹਨਤ
ਮੀਟਿੰਗ ਵਿਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਜਲੰਧਰ ਦੇ ‘ਆਪ’ ਆਗੂਆਂ ਨੂੰ ਕਿਹਾ ਕਿ ਉਹ ਜ਼ਿਮਨੀ ਚੋਣਾਂ ਦੀ ਤਿਆਰੀ ਕਰਨ ਅਤੇ ਲੋਕਾਂ ਵਿਚ ਜਾ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਸਖ਼ਤ ਮਿਹਨਤ ਕਰਨ।