ਲੋਕਾਂ ਨੇ ‘ਆਪ’ ਦੀ ਵਿਕਾਸ ਪੱਖੀ ਨੀਤੀਆਂ ’ਤੇ ਮੁੜ ਮੋਹਰ ਲਾਈ : ਵਿਧਾਇਕ ਰੰਧਾਵਾ
ਲੋਕਾਂ ਨੇ ‘ਆਪ’ ਦੀ ਵਿਕਾਸ ਪੱਖੀ ਨੀਤੀਆਂ ’ਤੇ ਮੁੜ ਮੋਹਰ ਲਗਾਈ : ਵਿਧਾਇਕ ਰੰਧਾਵਾ
Publish Date: Sun, 31 May 2026 06:17 PM (IST)
Updated Date: Sun, 31 May 2026 06:20 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਨੇ ਇਕ ਵਾਰ ਮੁੜ ਸ਼ਹਿਰੀ ਵੋਟਰਾਂ ਵਿਚ ਆਮ ਆਦਮੀ ਪਾਰਟੀ ਦੇ ਮਜ਼ਬੂਤ ਜਨ ਆਧਾਰ ਨੂੰ ਦਰਸਾਇਆ ਹੈ। ਤਿੰਨਾਂ ਨਗਰ ਕੌਂਸਲਾਂ ਵਿਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਵੋਟਾਂ ਮਿਲਣ ਨੂੰ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ’ਤੇ ਲਗਾਈ ਗਈ ਮੋਹਰ ਵਜੋਂ ਦੇਖਿਆ ਜਾ ਰਿਹਾ ਹੈ। ਚੋਣ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿਚ ਆਪਣਾ ਫ਼ਤਵਾ ਦਿੱਤਾ ਹੈ। ਰੰਧਾਵਾ ਨੇ ਦੱਸਿਆ ਕਿ ਤਿੰਨਾਂ ਨਗਰ ਕੌਂਸਲਾਂ ਵਿਚ ਪਈਆਂ ਕੁੱਲ 1,16,358 ਵੋਟਾਂ ’ਚੋਂ ਆਮ ਆਦਮੀ ਪਾਰਟੀ ਨੂੰ 41,529 ਵੋਟਾਂ ਪ੍ਰਾਪਤ ਹੋਈਆਂ, ਜੋ ਕੁੱਲ ਵੋਟਾਂ ਦਾ 35.69 ਫ਼ੀਸਦੀ ਬਣਦਾ ਹੈ। ਇਸ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਨੂੰ 25,528 ਵੋਟਾਂ (21.94 ਫ਼ੀਸਦੀ), ਭਾਜਪਾ ਨੂੰ 21,718 ਵੋਟਾਂ (18.66 ਫ਼ੀਸਦੀ), ਕਾਂਗਰਸ ਨੂੰ 18,920 ਵੋਟਾਂ (16.26 ਫ਼ੀਸਦੀ) ਅਤੇ ਆਜ਼ਾਦ ਉਮੀਦਵਾਰਾਂ ਨੂੰ 6,880 ਵੋਟਾਂ (5.91 ਫ਼ੀਸਦੀ) ਮਿਲੀਆਂ। ਉਨ੍ਹਾਂ ਕਿਹਾ ਕਿ ਇਹ ਨਤੀਜੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ ਦੇ ਸੁਧਾਰ, ਨੌਜਵਾਨਾਂ ਨੂੰ ਪਾਰਦਰਸ਼ੀ ਭਰਤੀ ਰਾਹੀਂ ਰੁਜ਼ਗਾਰ ਦੇ ਮੌਕੇ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤੀਆਂ ਸਖ਼ਤ ਕਾਰਵਾਈਆਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੇ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ, ਲਾਲੜੂ ਅਤੇ ਡੇਰਾਬੱਸੀ ਦੇ ਲੋਕਾਂ ਨੇ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਇਸ ਭਰੋਸੇ ’ਤੇ ਖਰਾ ਉਤਰਨ ਲਈ ਹੋਰ ਵੱਧ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰੇਗੀ। ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਇਹ ਭਰਪੂਰ ਸਮਰਥਨ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਹੋਰ ਵਧਾਉਂਦਾ ਹੈ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।