ਪ੍ਰਤਾਪ ਸਿੰਘ ਬਾਜਵਾ ਨੇ 'ਸਤਿਕਾਰ ਬਿੱਲ' 'ਤੇ ਰਾਜਪਾਲ ਦੇ ਦਸਤਖ਼ਤਾਂ ਦਾ ਕੀਤਾ ਸਵਾਗਤ; ਬੇਅਦਬੀ ਇਨਸਾਫ਼ ਨੂੰ ਲੈ ਕੇ ਮੁੱਖ ਮੰਤਰੀ ਮਾਨ 'ਤੇ ਵਿੰਨ੍ਹੇ ਨਿਸ਼ਾਨੇ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਵੱਲੋਂ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' ਨੂੰ ਹਰੀ ਝੰਡੀ ਦੇਣ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਬਾਜਵਾ ਨੇ ਕਿਹਾ ਕਿ ਇਹ ਬਿੱਲ ਸਮੁੱਚੀ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ, ਜੋ ਕਿ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਹੈ।
Publish Date: Sun, 19 Apr 2026 01:35 PM (IST)
Updated Date: Sun, 19 Apr 2026 01:38 PM (IST)

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਵੱਲੋਂ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' ਨੂੰ ਹਰੀ ਝੰਡੀ ਦੇਣ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਬਾਜਵਾ ਨੇ ਕਿਹਾ ਕਿ ਇਹ ਬਿੱਲ ਸਮੁੱਚੀ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ, ਜੋ ਕਿ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਹੈ।
ਸਿਰਫ਼ ਅਖ਼ਬਾਰੀ ਸੁਰਖੀਆਂ ਬਟੋਰ ਰਹੇ ਨੇ ਮੁੱਖ ਮੰਤਰੀ: ਬਾਜਵਾ
ਜਿੱਥੇ ਬਾਜਵਾ ਨੇ ਬਿੱਲ ਦਾ ਸਵਾਗਤ ਕੀਤਾ, ਉੱਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੰਬੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਉਹ ਇਸ ਮੁੱਦੇ 'ਤੇ ਸਿਰਫ਼ ਅਖ਼ਬਾਰੀ ਸੁਰਖੀਆਂ ਬਟੋਰਨ ਤੱਕ ਸੀਮਤ ਹਨ। ਉਨ੍ਹਾਂ ਕਿਹਾ ਕਿ ਜਨਤਾ ਸਿਰਫ਼ ਬਿੱਲਾਂ ਦੇ ਪਾਸ ਹੋਣ ਨਾਲ ਨਹੀਂ, ਸਗੋਂ ਪੁਰਾਣੇ ਜ਼ਖਮਾਂ 'ਤੇ ਮੱਲ੍ਹਮ ਲੱਗਣ ਨਾਲ ਸੰਤੁਸ਼ਟ ਹੋਵੇਗੀ।
ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਕਦੋਂ?
ਬਾਜਵਾ ਨੇ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦਾ ਮੁੱਦਾ ਚੁੱਕਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਸਵਾਲ ਕੀਤਾ ਕਿ:
ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਨ 'ਤੇ 24 ਘੰਟਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਭਰੋਸਾ ਦਿੱਤਾ ਸੀ।
ਹੁਣ ਸਰਕਾਰ ਬਣੀ ਨੂੰ ਲਗਭਗ ਚਾਰ ਸਾਲ ਹੋਣ ਵਾਲੇ ਹਨ, ਪਰ ਅਜੇ ਤੱਕ ਦੋਸ਼ੀਆਂ ਖਿਲਾਫ਼ ਕੋਈ ਸਖ਼ਤ ਕਾਰਵਾਈ ਕਿਉਂ ਨਹੀਂ ਹੋਈ?
ਕੀ ਸਰਕਾਰ ਸਿਰਫ਼ ਵਾਅਦੇ ਕਰਕੇ ਇਨਸਾਫ਼ ਦੇ ਮੁੱਦੇ ਨੂੰ ਠੰਢੇ ਬਸਤੇ ਵਿੱਚ ਪਾ ਰਹੀ ਹੈ?
ਬਾਜਵਾ ਨੇ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਤੱਕ ਬੇਅਦਬੀ ਦੇ ਅਸਲ ਦੋਸ਼ੀ ਸਲਾਖਾਂ ਪਿੱਛੇ ਨਹੀਂ ਜਾਂਦੇ, ਉਨੀ ਦੇਰ ਤੱਕ ਸਿੱਖ ਸੰਗਤ ਦਾ ਰੋਸ ਸ਼ਾਂਤ ਨਹੀਂ ਹੋਵੇਗਾ।