ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸਾਬਕਾ ਡੀਐੱਸਪੀ ਗੁਰਸ਼ੇਰ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਅਦਾਲਤ ਵੱਲੋਂ ਖਾਰਜ
ਇਹ ਮਾਮਲਾ 1 ਅਪ੍ਰੈਲ 2021 ਤੋਂ 31 ਮਾਰਚ 2024 ਤੱਕ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਜਾਇਦਾਦ ਬਣਾਉਣ ਨਾਲ ਸਬੰਧਤ ਹੈ। ਵਿਜੀਲੈਂਸ ਦੀ ਐੱਸਆਈਟੀ ਰਿਪੋਰਟ ਮੁਤਾਬਕ ਜਾਂਚ ਦੌਰਾਨ ਗੁਰਸ਼ੇਰ ਸੰਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਂ ’ਤੇ ਆਮਦਨ ਦੇ ਜਾਇਜ਼ ਸਰੋਤਾਂ ਨਾਲੋਂ 96.99 ਫ਼ੀਸਦੀ ਵੱਧ ਜਾਇਦਾਦ ਹੋਣ ਦਾ ਖ਼ੁਲਾਸਾ ਹੋਇਆ ਹੈ।
Publish Date: Sat, 23 May 2026 08:13 AM (IST)
Updated Date: Sat, 23 May 2026 08:19 AM (IST)

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੀ ਵਧੀਕ ਸੈਸ਼ਨ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਸਾਬਕਾ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਮੁਲਜ਼ਮ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ। ਗੁਰਸ਼ੇਰ ਸੰਧੂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਮੁਹਾਲੀ ਵਿੱਚ 20 ਜੂਨ 2025 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਹ ਮਾਮਲਾ 1 ਅਪ੍ਰੈਲ 2021 ਤੋਂ 31 ਮਾਰਚ 2024 ਤੱਕ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਜਾਇਦਾਦ ਬਣਾਉਣ ਨਾਲ ਸਬੰਧਤ ਹੈ। ਵਿਜੀਲੈਂਸ ਦੀ ਐੱਸਆਈਟੀ ਰਿਪੋਰਟ ਮੁਤਾਬਕ ਜਾਂਚ ਦੌਰਾਨ ਗੁਰਸ਼ੇਰ ਸੰਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਂ ’ਤੇ ਆਮਦਨ ਦੇ ਜਾਇਜ਼ ਸਰੋਤਾਂ ਨਾਲੋਂ 96.99 ਫ਼ੀਸਦੀ ਵੱਧ ਜਾਇਦਾਦ ਹੋਣ ਦਾ ਖ਼ੁਲਾਸਾ ਹੋਇਆ ਹੈ। ਬਚਾਅ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮਾਮਲਾ ਝੂਠਾ ਹੈ ਅਤੇ ਸਾਰੇ ਦਸਤਾਵੇਜ਼ ਪਹਿਲਾਂ ਹੀ ਜਾਂਚ ਏਜੰਸੀ ਕੋਲ ਮੌਜੂਦ ਹਨ। ਦੂਜੇ ਪਾਸੇ ਸਰਕਾਰੀ ਵਕੀਲ ਨੇ ਕਿਹਾ ਕਿ ਇਹ ਗੰਭੀਰ ਆਰਥਿਕ ਅਪਰਾਧ ਹੈ ਅਤੇ ਜ਼ਮਾਨਤ ਮਿਲਣ ’ਤੇ ਮੁਲਜ਼ਮ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।