ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਭੜਕਿਆ ਵਿਰੋਧ
ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਭੜਕਿਆ ਵਿਰੋਧ, ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ
Publish Date: Mon, 18 May 2026 09:44 PM (IST)
Updated Date: Mon, 18 May 2026 09:45 PM (IST)

- ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਜ਼ੀਰਕਪੁਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਾਜਨੀਤਿਕ ਮਾਹੌਲ ਉਸ ਵੇਲੇ ਗਰਮਾ ਗਿਆ, ਜਦੋਂ ਭਾਜਪਾ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਵਿਰੋਧ ਵਿਚ ਭਾਜਪਾ ਵਰਕਰਾਂ ਨੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਜ਼ੀਰਕਪੁਰ ਨਗਰ ਕੌਂਸਲ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਪਹੁੰਚੇ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਪੂਰੇ ਮਾਮਲੇ ਨੂੰ ਧੱਕੇਸ਼ਾਹੀ ਅਤੇ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤਿਕ ਵੈਰ-ਵਿਰੋਧ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਪ੍ਰਸ਼ਾਸਨ ’ਤੇ ਦਬਾਅ ਬਣਾ ਕੇ ਭਾਜਪਾ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਰਕਰਾਂ ਦਾ ਕਹਿਣਾ ਸੀ ਕਿ ਜੇ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ ਤਾਂ ਲੋਕ ਖੁੱਲ੍ਹ ਕੇ ਭਾਜਪਾ ਦੇ ਹੱਕ ਵਿਚ ਵੋਟ ਪਾਉਣਗੇ, ਪਰ ਸਰਕਾਰ ਹਾਰ ਦੇ ਡਰ ਕਾਰਨ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਿਚ ਲੱਗੀ ਹੋਈ ਹੈ। ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਨੂੰ ਮਿਲ ਰਹੇ ਵੱਡੇ ਜਨ ਸਮਰਥਨ ਤੋਂ ਆਮ ਆਦਮੀ ਪਾਰਟੀ ਘਬਰਾਈ ਹੋਈ ਹੈ। ਇਸੇ ਕਰ ਕੇ ਭਾਜਪਾ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕੁਝ ਉਮੀਦਵਾਰਾਂ ਦਾ ਮਾਮਲਾ ਨਹੀਂ, ਸਗੋਂ ਲੋਕਤੰਤਰ ਅਤੇ ਸੰਵਿਧਾਨ ਦੀ ਮਰਿਆਦਾ ਨਾਲ ਜੁੜਿਆ ਮੁੱਦਾ ਹੈ। ਗੁਰਦਰਸ਼ਨ ਸਿੰਘ ਸੈਣੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਨਾਲ ਅਨਿਆਇ ਕੀਤਾ ਗਿਆ ਤਾਂ ਪਾਰਟੀ ਸੜਕਾਂ ਤੋਂ ਲੈ ਕੇ ਉੱਚ ਅਧਿਕਾਰੀਆਂ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਲੜਾਈ ਲੜਨ ਲਈ ਤਿਆਰ ਹਨ। ਇਸ ਦੌਰਾਨ ਭਾਜਪਾ ਵਰਕਰਾਂ ਨੇ ‘ਲੋਕਤੰਤਰ ਬਚਾਓ, ਧੱਕੇਸ਼ਾਹੀ ਬੰਦ ਕਰੋ’ ਅਤੇ ‘ਤਾਨਾਸ਼ਾਹੀ ਨਹੀਂ ਚਲੇਗੀ’ ਵਰਗੇ ਨਾਅਰਿਆਂ ਨਾਲ ਨਗਰ ਕੌਂਸਲ ਦਫ਼ਤਰ ਨੂੰ ਗੂੰਜਾ ਦਿੱਤਾ। ਪ੍ਰਦਰਸ਼ਨ ਵਿਚ ਮੌਜੂਦ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਵਰਕਰ ਡਰਨ ਵਾਲੇ ਨਹੀਂ ਹਨ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਲੋਕਤੰਤਰ ਵਿਚ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਅਹੁਦੇਦਾਰ, ਵਰਕਰ ਅਤੇ ਸਮਰਥਕ ਮੌਜੂਦ ਸਨ।