ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਵਿੱਤੀ ਸਥਿਤੀ 'ਤੇ ਪੰਜਾਬ ਸਰਕਾਰ ਤੋਂ ਕੀਤੀ ਵਾਈਟ ਪੇਪਰ ਦੀ ਮੰਗ, ਕਿਹਾ-ਸੂਬੇ ਦਾ ਕਰਜ਼ਾ ਲਾਲ ਲਕੀਰ ਪਾਰ
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 30 ਸਾਲਾਂ ਵਿੱਚ ਲਗਭਗ 3 ਲੱਖ ਕਰੋੜ ਰੁਪਏ ਉਧਾਰ ਲਏ ਸਨ, ਜਦੋਂ ਕਿ 'ਆਪ' ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਜੋੜਿਆ ਹੈ, ਜ਼ਿਆਦਾਤਰ ਗੈਰ-ਉਤਪਾਦਕ ਉਦੇਸ਼ਾਂ ਲਈ।
Publish Date: Fri, 06 Mar 2026 12:09 PM (IST)
Updated Date: Fri, 06 Mar 2026 12:25 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੂਬੇ ਦੀ ਆਰਥਿਕ ਸਥਿਤੀ ਨੂੰ ਲੈ ਕੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦਾ ਕਰਜ਼ਾ ਚਾਰ ਲੱਖ ਕਰੋੜ ਰੁਪਏ ਨੂੰ ਪਾਰ ਕਰ ਚੁੱਕਾ ਹੈ ਅਤੇ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਲਗਪਗ 4.17 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਖਦਸ਼ਾ ਹੈ। ਉਨ੍ਹਾਂ ਇਕ ਬਿਆਨ ਵਿਚ ਕਿਹਾ ਹੈ ਕਿ ਜਿੰਨਾ ਕਰਜ਼ਾ ਪਿਛਲੀਆਂ ਤਿੰਨ ਦਹਾਕਿਆਂ ਦੀਆਂ ਸਰਕਾਰਾਂ ਨੇ ਲਿਆ ਸੀ, ਓਨਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਦੌਰਾਨ ਲੈ ਲਿਆ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 30 ਸਾਲਾਂ ਦੌਰਾਨ ਲਗਪਗ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ, ਜਦਕਿ ਆਪ ਸਰਕਾਰ ਨੇ ਚਾਰ ਸਾਲਾਂ ਦੌਰਾਨ ਹੀ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਜੋੜ ਦਿੱਤਾ ਅਤੇ ਇਹ ਕਰਜ਼ਾ ਵੱਡੇ ਪੱਧਰ ’ਤੇ ਗੈਰ-ਉਤਪਾਦਕ ਮਕਸਦਾਂ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਕੋਈ ਵੱਡਾ ਢਾਂਚਾਗਤ ਵਿਕਾਸ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਗੱਲ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਿੱਤੀ ਸਿਆਣਪ ਅਤੇ ਆਮਦਨੀ ਵਧਾਉਣ ਦੇ ਦਾਅਵਿਆਂ ਦੇ ਉਲਟ ਹੈ।